Thirty Two new cases of Corona : ਫਰੀਦਕੋਟ ਜ਼ਿਲ੍ਹੇ ਵਿਚ ਬੀਤੇ ਦਿਨ ਕੋਰੋਨਾ ਦੇ 32 ਨਵੇਂ ਮਾਮਲੇ ਸਾਹਮਣੇ ਆਏ ਉਥੇ ਹੀ 13 ਲੋਕਾਂ ਨੂੰ ਸਿਹਤਯਾਬ ਹੋਣ ਪਿਛੋਂ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਰੋਨਾ ਦੇ 455 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿੰਨਾ ਵਿਚੋਂ 324 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਮੌਜੂਦਾ ਸਮੇਂ ਜ਼ਿਲ੍ਹੇ ਵਿਚ ਕੋਰੋਨਾ ਦੇ 130 ਐਕਟਿਵ ਕੇਸ ਹਨ ਜਿਨ੍ਹਾਂ ਦਾ ਵੱਖ ਵੱਖ ਕੋਵਿਡ ਕੇਅਰ ਸੈਂਟਰ, ਆਈਸੋਲੇਸ਼ਨ ਵਾਰਡਾਂ ਵਿੱਚ ਇਲਾਜ ਚੱਲ ਰਿਹਾ ਹੈ
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ. ਨੇ ਬੀਤੇ ਦਿਨ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਜਿਲਾ ਵਾਸੀਆਂ ਨੂੰ ਰੂ-ਬ-ਰੂ ਹੁੰਦਿਆਂ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 17621 ਲੋਕਾਂ ਦੀ ਸੈਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 16356 ਦੇ ਨਤੀਜੇ ਨੈਗਟਿਵ ਪ੍ਰਾਪਤ ਹੋ ਚੁੱਕੇ ਹਨ ਅਤੇ 558 ਸੈਂਪਲਾਂ ਦੇ ਨਤੀਜੇ ਪੈਂਡਿੰਗ ਹਨ। ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲ ਵਿਚ ਕਰੋਨਾਂ ਦੀ ਜਾਂਚ ਲਈ ਫਲੂ ਕਾਰਨਰ ਸਥਾਪਤ ਕੀਤੇ ਗਏ ਹਨ ਅਤੇ ਇਸ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ ।ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣਾ ਅਤੇ ਆਪਣੇ ਪਰਿਵਾਰ ਦਾ ਕਰੋਨਾ ਟੈਸਟ ਕਰਵਾਈਏ ਤਾਂ ਜੋ ਇਸ ਬਿਮਾਰੀ ਦਾ ਪਤਾ ਲਗਾ ਕੇ ਇਸਦਾ ਇਲਾਜ ਕੀਤਾ ਜਾ ਸਕੇ ਅਤੇ ਇਸਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕੇ । ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਕੋਰੋਨਾ ਦੇ ਲੱਛਣ ਜਿਵੇਂ ਖੰਘ,ਬੁਖਾਰ,ਜੁਕਾਮ ਜਾਂ ਸਿਰ ਦਰਦ ਆਦਿ ਨਜ਼ਰ ਆਉਣ ‘ਤੇ ਤੁਰੰਤ ਨੇੜਲੇ ਹਸਪਤਾਲ ਜਾਂ ਮੈਡੀਕਲ ਹੈਲਪ ਲਾਈਨ ਨੰ:104 ਤੇ ਸੰਪਰਕ ਕਰਨ ਲਈ ਕਿਹਾ।
ਉਨ੍ਹਾਂ ਜ਼ਿਲਾ ਵਾਸੀਆਂ ਨੂੰ ਆਪਣੇ ਸੰਬੋਧਨ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਵਾਰ-ਵਾਰ ਹੱਥ ਧੋਣਾ ਅਤੇ 2 ਗਜ਼ ਦੀ ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਦੀ ਪਾਲਣਾ ਕਰਨਾ ਨੂੰ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਬਿਨ੍ਹਾਂ ਕਿਸੇ ਲੋੜ ਤੋਂ ਘਰੋਂ ਬਾਹਰ ਨਾ ਨਿਕਲਣਾਂ ਇਸ ਬਾਰੇ ਵੀ ਧਿਆਨ ਰੱਖਣਾ ਚਾਹੀਦਾ ਹੈ। ਇਹੋ ਜਿਹੀਆਂ ਛੋਟੀਆਂ-ਛੋਟੀਆਂ ਗੱਲਾਂ ਦਾ ਧਿਆਨ ਰੱਖ ਕੇ ਹੀ ਅਸੀਂ ਇਸ ਵਾਇਰਸ ਤੋਂ ਆਪਣੇ-ਆਪ ਅਤੇ ਹੋਰਨਾਂ ਨੂੰ ਬਚਾਇਆ ਜਾ ਸਕਦਾ ਹੈ।