Tourist Suwidha Center with Special Facilities : ਬੰਗਾ ਵਿਖੇ ਬੀਤੇ ਦਿਨ ਅਜ਼ਾਦੀ ਦਿਹਾੜੇ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਭੇਟ ਕਰਨ ਤੋਂ ਬਾਅਦ ਸੈਲਾਨੀ ਸੁਵਿਧਾ ਸੈਂਟਰ ਬਣਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਇਸ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਵਿਚ ਕੈਫੇਟੇਰੀਆ, ਪਾਰਕਿੰਗ, ਟੁਆਲਿਟਸ ਅਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਪ੍ਰਾਜੈਕਟ ਤਹਿਤ ਖਟਕੜ ਕਲਾਂ ਵਿਖੇ ਕਰੀਬ 7 ਕਰੋੜ ਰੁਪਏ ਦੇ ਕਾਰਜ ਕਰਵਾਏ ਜਾਣਗੇ, ਜਿਸ ਵਿਚੋਂ 3.78 ਕਰੋੜ ਰੁਪਏ ਅਲਾਟ ਹੋ ਚੁੱਕੇ ਹਨ।
ਇਸ ਤੋਂ ਇਲਾਵਾ ਉਥੇ ਸੈਲਾਨੀ ਬੁਨਿਆਦੀ ਢਾਂਚੇ ਦੇ ਵਿਕਾਸ, ਲੈਂਡਸਕੇਪਿੰਗ ਅਤੇ ਸੁੰਦਰੀਕਰਨ ਦੇ ਹੋਰ ਕੰਮ ਕੀਤੇ ਜਾਣਗੇ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਨੂੰ ਜਾਂਦੇ ਰਸਤੇ ਪੇਵਿੰਗ ਅਤੇ ਸਜਾਵਟ ਕੀਤੀ ਜਾਵੇਗੀ। ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਸੈਰ-ਸਪਾਟਾ ਵਿਭਾਗ ਵਲੋਂ ਪੰਜਾਬ ਦੇ ਸੱਤ ਸ਼ਹਿਰਾਂ ਵਿਚਲੇ ਮਹੱਤਵਪੂਰਨ ਸਥਾਨਾਂ ਨੂੰ 91.55 ਕਰੋੜ ਦੀ ਲਾਗਤ ਨਾਲ ਸੈਲਾਨੀ ਕੇਂਦਰਾਂ ਵਜੋਂ ਵਿਕਸਤ ਕਰ ਕੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਿਨਾਂ ਵਿਚ ਸ੍ਰੀ ਅਨੰਦਪੁਰ ਸਾਹਿਬ, ਫ਼ਤਹਿਗੜ ਸਾਹਿਬ, ਚਮਕੌਰ ਸਾਹਿਬ, ਫ਼ਿਰੋਜ਼ਪੁਰ, ਖਟਕੜ ਕਲਾਂ, ਕਲਾਨੌਰ ਅਤੇ ਪਟਿਆਲਾ ਸ਼ਾਮਿਲ ਹਨ।
ਇਸ ਮੌਕੇ ਉਨਾਂ ਨਾਲ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਐਸ. ਡੀ. ਐਮ ਬੰਗਾ ਦੀਪ ਜੋਤ ਕੌਰ, ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਦਰਵਜੀਤ ਪੂਨੀ, ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ, ਜ਼ਿਲਾ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਅਫ਼ਸਰ ਰੁਪਿੰਦਰ ਕੌਰ, ਸੈਰ-ਸਪਾਟਾ ਵਿਭਾਗ ਦੇ ਅਧਿਕਾਰੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।