SGPC demands stern punishment : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੁਧਿਆਣਾ ਦੇ ਪਿੰਡ ਖਾਨਪੁਰ ਵਿਚ ਇਕ ਡੇਰੇ ਵਿਚ ਸਿੱਖ ਹੈਲਥ ਵਰਕਰ ਮਸਤਾਨ ਸਿੰਘ ਨਾਲ ਹੋਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਹੋਈ ਬੇਅਦਬੀ ਦੀ ਸਖਤ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। SGPC ਵੱਲੋਂ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿਚ ਇਕ ਵਫਦ ਡੇਹਲੋਂ ਹਸਪਤਾਲ ਵਿਚ ਦਾਖਲ ਮਸਤਾਨ ਸਿੰਘ ਦਾ ਹਾਲ-ਚਾਲ ਪੁੱਛਣ ਲਈ ਭੇਜਿਆ ਗਿਆ ਅਤੇ ਉਨ੍ਹਾਂ ਹੈਲਥ ਵਰਕਰ ਨੂੰ ਭਰੋਸਾ ਦਿਵਾਇਆ ਕਿ ਉਹ ਉਸ ਦੀ ਹਰ ਸੰਭਵ ਸਹਾਇਤਾ ਕਰਨਗੇ ਅਤੇ ਸਿੱਖ ਨਾਲ ਅਜਿਹਾ ਵਤੀਰਾ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਵੀ ਦਿਵਾਉਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਬਾਈ ਲੌਂਗੋਵਾਲ ਨੇ ਆਪਣੇ ਫੇਸਬੁੱਕ ਪੇਜ ’ਤੇ ਲਿਖਿਆ, ’ਲੁਧਿਆਣਾ ਜ਼ਿਲ੍ਹੇ ਵਿਚ ਪੀਐਚਸੀ ਮਲੌਦ ਦੇ ਸਿਹਤ ਕਰਮਚਾਰੀ ਮਸਤਾਨ ਸਿੰਘ ਦੀ ਸਥਾਨਕ ਡੇਰੇ ਵਿਚ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਤੌਹੀਨ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ ਕਿ ਇਕ ਸਿੱਖ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਸਹਿਣਯੋਗ ਨਹੀਂ ਹੈ। ਇਸ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਲਿਖਿਆ ਕਿ ਭਾਵੇਂਕਿ ਕੁਝ ਦੋਸ਼ੀ ਗ੍ਰਿਫਾਤਰ ਕਰ ਲਏ ਗਏ ਹਨ ਪਰ ਅਜੇ ਵੀ ਕਈ ਲੋਕ ਪੁਲਸ ਹਿਰਾਸਤ ਤੋਂ ਬਾਹਰ ਹਨ। ਹਰ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਬਣਦੀਆਂ ਧਾਰਾਵਾਂ ਤਹਿਤ ਕਾਰਵਾਈ ਹੋਵੇ।’
ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਦੌਰਾਨ ਫਰੰਟ ਲਾਈਨ ਡਿਊਟੀ ਨਿਭਾਉਣ ਵਾਲੇ ਕਰਮਚਾਰੀ ਨਾਲ ਅਜਿਹਾ ਵਤੀਰਾ ਅਨੈਤਿਕ ਹੋਣ ਦੇ ਨਾਲ-ਨਾਲ ਪ੍ਰਸ਼ਾਸਨ ਲਈ ਵੀ ਵੱਡਾ ਸਵਾਲ ਹੈ। ਮੌਜੂਦਾ ਸੰਕਟ ਦੌਰਾਨ ਆਪਣੀ ਜਾਨ ਜੋਖਮ ਵਿਚ ਪਾ ਕੇ ਸਿਹਤ ਵਿਭਾਗ ਦੇ ਕਰਮਚਾਰੀ ਸੇਵਾ ਨਿਭਾ ਰਹੇ ਹਨ ਪਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਉਨ੍ਹਾਂ ਦਾ ਮਨੋਬਲ ਕਾਇਮ ਨਹੀਂ ਰਹਿ ਸਕੇਗਾ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਹੈਲਥ ਵਰਕਰ ਮਸਤਾਨ ਸਿੰਘ ਨਾਲ ਬਦਸਲੂਕੀ ਕਰਨ ਵਾਲੇ ਲੋਕਾਂ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਸਖਤ ਸਜ਼ਾਵਾਂ ਦਿੱਤੀਆਂ ਜਾਣ ਤਾਂਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ। ਦੋਸ਼ੀ ਕਿਸੇ ਵੀ ਤਰ੍ਹਾਂ ਬਖਸ਼ੇ ਨਹੀਂ ਜਾਣੇ ਚਾਹੀਦੇ ਹਨ ਅਤੇ ਪੀੜਤ ਨੂੰ ਮੁਕੰਮਲ ਨਿਆਂ ਮਿਲਣਾ ਚਾਹੀਦਾ ਹੈ।