Health Minister visits : ਮੋਹਾਲੀ : ਸੂਬੇ ਵਿਚ ਕੋਰੋਨਾ ਦੇ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਹਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਬਨੂੜ ਵਿਖੇ ਗਿਆਨ ਸਾਗਰ ਹਸਪਤਾਲ ਦੇ ‘ਕੋਵਿਡ ਕੇਅਰ ਸੈਂਟਰ’ ਦਾ ਦੌਰਾ ਕੀਤਾ ਤੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਹਦਾਇਤਾਂ ਵੀ ਦਿਤੀਆਂ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਲਈ ਇਲਾਜ ਤੇ ਉਨ੍ਹਾਂ ਦੇ ਖਾਣ-ਪੀਣ ਬਾਰੇ ਜਾਣਿਆ। ਸਿੱਧੂ ਨੇ ਕਿਹਾ ਕਿ ਸਾਰੇ ਵਾਰਡਾਂ ਵਿਚ ਸਾਫ਼-ਸਫ਼ਾਈ ਦਾ ਖਾਸ ਪ੍ਰਬੰਧ ਹੋਣਾ ਚਾਹੀਦਾ ਹੈ ਤੇ ਇਸ ‘ਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਸਪਤਾਲ ਵਿਚ ਆਉਣ-ਜਾਣ ਵਾਲਿਆਂ ਅਤੇ ਸਮੁੱਚੇ ਸਟਾਫ਼ ਲਈ ਵੀ ਇਸ ਬੀਮਾਰੀ ਤੋਂ ਬਚਾਅ ਲਈ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਕੇਸ ਵਧਣ ਦਾ ਸਭ ਤੋਂ ਵੱਡਾ ਕਾਰਨ ਜ਼ਰੂਰੀ ਸਾਵਧਾਨੀਆਂ ਦੀ ਮੁਕੰਮਲ ਅਣਦੇਖੀ ਹੈ। ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਕਈ ਲੋਕ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨਹੀਂ ਕਰ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਵਿਚ ਇਸ ਬੀਮਾਰੀ ਦੇ ਕੋਈ ਵੀ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਜਲਦ ਤੋਂ ਜਲਦ ਟੈਸਟ ਕਰਵਾਉਣ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਵਾਰਡਾਂ ਵਿਚ ਸੀ.ਸੀ.ਟੀ.ਵੀ ਕੈਮਰੇ ਅਤੇ ਐਲ.ਈ.ਡੀ. ਸਕਰੀਨਾਂ ਲਾਉਣ ਲਈ ਆਖਿਆ ਤਾਕਿ ਮਰੀਜ਼ਾਂ ਦੀ ਸਿਹਤ ‘ਤੇ ਲਗਾਤਾਰ ਅਤੇ ਕਰੀਬੀ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਵਾਇਰਸ ਨਾਲ ਲੜਨ ਲਈ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਦਾ ਮਾਨਸਿਕ ਪੱਧਰ ਕਾਫ਼ੀ ਉੱਚਾ ਹੋਣਾ ਚਾਹੀਦਾ ਹੈ ਜਿਸ ਲਈ ਟੈਲੀਵਿਜ਼ਨ ਜ਼ਰੀਏ ਧਾਰਮਕ ਅਤੇ ਮਨੋਰੰਜਕ ਪ੍ਰੋਗਰਾਮ ਉਨ੍ਹਾਂ ਲਈ ਕਾਫ਼ੀ ਮਦਦਗਾਰ ਸਾਬਤ ਹੋ ਸਕਦੇ ਹਨ।
ਸਿੱਧੂ ਨੇ ਕਿਹਾ ਕਿ ਇਸ ਬੀਮਾਰੀ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਉਹ ਆਪਣੀ ਜ਼ਿੰਦਗੀ ਜੋਖਮ ਵਿਚ ਪਾ ਕੇ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਦਿਨ-ਰਾਤ ਕੰਮ ਰਹੇ ਹਨ ਤੇ ਉਨ੍ਹਾਂ ਵਲੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨੂੰ ਨਿਭਾਇਆ ਜਾ ਰਿਹਾ ਹੈ। ਪੰਜਾਬ ਵਿਚ ਹੁਣ ਜਿਥੇ ‘ਕੋਰੋਨਾ ਟੈਸਟਾਂ’ ਦੀ ਗਿਣਤੀ ਲਗਾਤਾਰ ਵਧਾਈ ਜਾ ਰਹੀ ਹੈ, ਉਥੇ ‘ਕੋਵਿਡ ਕੇਅਰ ਸੈਂਟਰਾਂ’ ਵਿਚ ਮਰੀਜ਼ਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਹਸਪਤਾਲ ਦੇ ਪ੍ਰਬੰਧਕ ਏ. ਐਸ. ਸੇਖੋਂ, ਪ੍ਰਿੰਸੀਪਲ ਡਾ. ਕਮਲਜੀਤ ਸਿੰਘ, ਮੈਡੀਕਲ ਸੁਪਰਇਨਟੈਂਡੰਟ ਡਾ. ਐਮ. ਐਸ. ਗੁਰਾਇਆ ਅਤੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਓ.ਐਸ.ਡੀ. ਡਾ. ਬਲਵਿੰਦਰ ਸਿੰਘ ਤੇ ਹੋਰ ਸਿਹਤ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।