MD chandigarh heavy rain: ਸੂਬੇ ਭਰ ‘ਚ ਬੀਤੇ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਸੀ, ਜਿਸ ਤੋਂ ਅੱਜ ਰਾਹਤ ਮਿਲੀ ਹੈ। ਇਸ ਦੌਰਾਨ ਹੀ ਮੌਸਮ ਵਿਭਾਗ ਚੰਡੀਗੜ੍ਹ ਨੇ ਦਾਅਵਾ ਕੀਤਾ ਹੈ ਕਿ ਮਾਨਸੂਨ ਸਰਗਰਮ ਹੋਵੇਗਾ ਅਤੇ ਅਗਲੇ 2-3 ਦਿਨਾਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਮੰਗਲਵਾਰ ਨੂੰ ਪੂਰਾ ਦਿਨ ਹੁੰਮਸ ਅਤੇ ਧੁੱਪ ਤੋਂ ਬਾਅਦ ਸ਼ਾਮ ਨੂੰ ਅਚਾਨਕ ਬੱਦਲ ਛਾ ਗਏ ਅਤੇ ਬਾਰਿਸ਼ ਸ਼ੁਰੂ ਹੋ ਗਈ। ਸ਼ਾਮ 6.30 ਵਜੇ ਤੋਂ 7.30 ਵਜੇ ਤੱਕ 15.8 ਐੱਮ.ਐੱਮ ਬਾਰਿਸ਼ ਹੋਈ। ਮੰਗਲਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੋਮਵਾਰ ਰਾਤ ਦਾ ਘੱਟੋ-ਘੱਟ ਤਾਪਮਾਨ 28.4 ਡਿਗਰੀ ਦਰਜ ਕੀਤਾ ਗਿਆ, ਜੋ ਸਾਧਾਰਨ ਤੋਂ 5 ਡਿਗਰੀ ਜਿਆਦਾ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਬੱਦਲ ਛਾ ਸਕਦੇ ਹਨ ਅਤੇ ਦਿਨ ਭਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿ ਸਕਦਾ ਹੈ। ਵੀਰਵਾਰ ਨੂੰ ਵੀ ਬੱਦਲ ਛਾਏ ਰਹਿਣਗੇ।
ਜ਼ਿਕਰਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮਾਨਸੂਨ ਦੌਰਾਨ ਭਾਰੀ ਬਾਰਿਸ਼ ਹੋਣ ਦੇ ਮੱਦੇਨਜ਼ਰ ਕੇਂਦਰੀ ਜਲ ਕਮਿਸ਼ਨ ਵੱਲੋਂ ਬੀਤੇ ਦਿਨ ਭਾਵ ਮੰਗਲਵਾਰ ਨੂੰ ਹੜ੍ਹ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਕੁਝ ਸੂਬਿਆਂ ਦੇ ਪਰਬਤੀ ਜ਼ਿਲ੍ਹਿਆਂ ‘ਚ ਜ਼ਮੀਨ ਖਿਸਕਣ ਦੀ ਵੀ ਸੰਭਾਵਨਾ ਹੈ।