policemen corona samples mansa: ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪੁਸ਼ਟੀ ਹੋਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਸੰਪਰਕ ‘ਚ ਆਏ ਸਾਰੇ ਲੋਕਾਂ ਦੀ ਲਿਸਟ ਬਣਾਈ ਗਈ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਮੁਤਾਬਕ ਸਿਹਤ ਵਿਭਾਗ ਦੀ ਜ਼ਿਲ੍ਹਾ ਸੈਂਪਲਿੰਗ ਟੀਮ ਵੱਲੋਂ ਪਿੰਡ ਕਾਹਨਗੜ੍ਹ ਵਿਖੇ ਕੋਰੋਨਾ ਸੈਂਪਲਿੰਗ ਕਰਨ ਲਈ ਕੈਂਪ ਲਗਾਇਆ ਗਿਆ, ਜਿਸ ਵਿੱਚ 90 ਕੋਰੋਨਾ ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ। ਇਸ ਦੌਰਾਨ ਪੁਲਿਸ ਲਾਈਨ ਤਾਮਕੋਟ ਵਿਖੇ ਵੀ ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ ਸਮੇਤ 72 ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਸੈਂਪਲ ਲਏ ਗਏ, ਜਿਸ ਦੀ ਜਾਣਕਾਰੀ ਜ਼ਿਲ੍ਹਾ ਇੰਚਾਰਜ ਸੈਂਪਲਿੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਸਾਂਝੀ ਕੀਤੀ।
ਇਸ ਮੌਕੇ ਐਸ.ਐਸ.ਪੀ. ਨੇ ਕਿਹਾ ਕਿ 15 ਅਗਸਤ ਵਾਲੇ ਸਮਾਗਮ ਦੌਰਾਨ ਜਿਹੜੇ ਵੀ ਮੁਲਾਜ਼ਮ ਸੰਪਰਕ ਵਿੱਚ ਆਏ ਸਨ, ਉਨ੍ਹਾਂ ਸਾਰਿਆਂ ਦਾ ਟੈਸਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਟੈਸਟ ਕਰਵਾਉਣ ਵਿੱਚ ਕੋਈ ਵੀ ਨੁਕਸਾਨ ਨਹੀਂ ਹੈ ਅਤੇ ਜੋ ਵੀ ਕਿਸੇ ਕੋਰੋਨਾ ਮਰੀਜ਼ ਦੇ ਸੰਪਰਕ ‘ਚ ਆਉਂਦਾ ਹੈ, ਉਨ੍ਹਾਂ ਨੂੰ ਖੁਦ ਹੀ ਟੈਸਟ ਕਰਵਾ ਲੈਣਾ ਚਾਹੀਦਾ ਹੈ ਤਾਂ ਕਿ ਅਸੀਂ ਕੋਰੋਨਾ ਤੋਂ ਜਿੱਤ ਸਕੀਏ।
ਜ਼ਿਕਰਯੋਗ ਹੈ ਕਿ 15 ਅਗਸਤ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਸਾਹਮਣੇ ਆਈ ਸੀ। ਇਸ ਦੌਰਾਨ ਸਭ ਤੋਂ ਵੱਡੀ ਖਤਰੇ ਦੀ ਗੱਲ ਇਹ ਸਾਹਮਣੇ ਆਈ ਸੀ ਕਿ ਕਾਂਗੜ ਨੇ 15 ਅਗਸਤ ਨੂੰ ਝੰਡਾ ਲਹਿਰਾਉਣ ਤੋਂ ਬਾਅਦ ਇਕ ਸਕੂਲ ‘ਚ ਪਹੁੰਚੇ ਸੀ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਸੰਪਰਕ ‘ਚ ਆਏ ਸਾਰੇ ਲੋਕਾਂ ਦੇ ਕੋਰੋਨਾ ਟੈਸਟਿੰਗ ਲਈ ਸੈਂਪਲ ਲਏ ਗਏ।