Rajiv Gandhi Birth Anniversary: ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ ਯਾਨੀ ਕਿ ਵੀਰਵਾਰ ਨੂੰ 75ਵੀਂ ਜਯੰਤੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੀਐਮ ਮੋਦੀ ਨੇ ਇੱਕ ਟਵੀਟ ਵੀ ਕੀਤਾ। ਜਿਸ ਵਿੱਚ ਉਨ੍ਹਾਂ ਲਿਖਿਆ, ‘ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ।’
ਉੱਥੇ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜੀਵ ਗਾਂਧੀ ਦੇ ਬੇਟੇ ਰਾਹੁਲ ਗਾਂਧੀ ਨੇ ਆਪਣੇ ਪਿਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਦੂਰਦਰਸ਼ੀ ਦੱਸਿਆ ਹੈ।ਇਸ ਮੌਕੇ ਰਾਹੁਲ ਗਾਂਧੀ ਨੇ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਵੀਰ ਭੂਮੀ ਜਾ ਕੇ ਸ਼ਰਧਾਂਜਲੀ ਦਿੱਤੀ।
ਰਾਹੁਲ ਗਾਂਧੀ ਨੇ ਆਪਣੇ ਪਿਤਾ ਦੀ ਤਸਵੀਰ ਨੂੰ ਟਵੀਟ ਕਰਦਿਆਂ ਕਿਹਾ, ‘ਰਾਜੀਵ ਗਾਂਧੀ ਇੱਕ ਗਜ਼ਬ ਦੇ ਨਿਰੀਖਕ ਅਤੇ ਆਪਣੇ ਸਮੇਂ ਤੋਂ ਬਹੁਤ ਅੱਗੇ ਦੇ ਵਿਅਕਤੀ ਸੀ। ਪਰ ਇਸ ਸਭ ਤੋਂ ਪਰੇ ਉਹ ਇੱਕ ਖੁੱਲ੍ਹੇ ਦਿਲ ਵਾਲੇ ਅਤੇ ਪਿਆਰ ਕਰਨ ਵਾਲੇ ਇਨਸਾਨ ਸੀ। ਮੈਂ ਉਨ੍ਹਾਂ ਨੂੰ ਆਪਣੇ ਪਿਤਾ ਵਜੋਂ ਪਾ ਕੇ ਖੁਦ ਨੂੰ ਬਹੁਤ ਖੁਸ਼ਕਿਸਮਤ ਅਤੇ ਮਾਣ ਮਹਿਸੂਸ ਕਰਦਾ ਹਾਂ। ਅਸੀਂ ਉਨ੍ਹਾਂ ਨੂੰ ਅੱਜ ਅਤੇ ਹਰ ਦਿਨ ਯਾਦ ਕਰਦੇ ਹਾਂ। ‘
ਦੱਸ ਦਈਏ ਕਿ ਰਾਜੀਵ ਗਾਂਧੀ ਦਾ ਜਨਮ ਅੱਜ ਦੇ ਦਿਨ ਯਾਨੀ 20 ਅਗਸਤ 1944 ਨੂੰ ਹੋਇਆ ਸੀ। ਕੱਟੜਪੰਥੀਆਂ ਵੱਲੋਂ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਉਨ੍ਹਾਂ ਨੇ ਦੇਸ਼ ਦੀ ਵਾਗਡੋਰ ਸੰਭਾਲੀ ਸੀ। ਉਹ ਦੇਸ਼ ਦੇ ਨੌਵੇਂ ਪ੍ਰਧਾਨ ਮੰਤਰੀ ਸਨ । ਉਨ੍ਹਾਂ ਨੇ 1984 ਤੋਂ 1989 ਤੱਕ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਅਗਵਾਈ ਕੀਤੀ । 1991 ਵਿੱਚ ਇੱਕ ਚੋਣ ਮੁਹਿੰਮ ਦੌਰਾਨ ਤਾਮਿਲ ਅੱਤਵਾਦੀਆਂ ਨੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਸੀ।