After the murder: ਜਲੰਧਰ : ਇੰਝ ਲੱਗਦਾ ਹੈ ਕਿ ਲੋਕਾਂ ਦੇ ਮਨਾਂ ਵਿਚ ਕਾਨੂੰਨ ਦਾ ਡਰ ਹੌਲੀ-ਹੌਲੀ ਖਤਮ ਹੁੰਦਾ ਜਾ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਦੋਂ ਨੌਜਵਾਨ ਵਲੋਂ ਕ੍ਰਾਈਮ ਨੂੰ ਅੰਜਾਮ ਦੇਣ ਤੋਂ ਬਾਅਦ ਖੁਦ ਸੋਸ਼ਲ ਮੀਡੀਆ ‘ਤੇ ਉਸ ਨੂੰ ਕਬੂਲਿਆ ਜਾ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਜਲੰਧਰ ਦੇ ਤੇਜ ਮੋਹਨ ਨਗਰ ਵਿਖੇ ਵੇਖਣ ਨੂੰ ਮਿਲਿਆ ਜਿਥੇ ਇਕ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਪਹਿਲਾਂ ਇਕ ਵਿਅਕਤੀ ਦਾ ਕਤਲ ਕੀਤਾ ਤੇ ਬਾਅਦ ਵਿਚ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੇ ਜ਼ੁਲਮ ਨੂੰ ਵੀ ਕਬੂਲਿਆ।
ਦੋਸ਼ੀ ਨੌਜਵਾਨ ਦੀ ਪਛਾਣ ਗਗਨਦੀਪ ਸਿੰਘ ਉਪਫ ਮੰਨੇ ਦੇ ਰੂਪ ਵਿਚ ਹੋਈ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਗਈ ਤੇ ਪੁਲਿਸ ਨੂੰ ਘਟਨਾ ਸਬੰਧੀ ਸਾਰੀ ਸੂਚਨਾ ਦਿੱਤੀ ਗਈ। ਪੁਲਿਸ ਮੌਕੇ ‘ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ। ਦੋਸ਼ੀ ਗਗਨਦੀਪ ਸਿੰਘ ਨੇ ਦੱਸਿਆ ਕਿ ਉਸ ਕੀਤੇ ਕਤਲ ਦੀ ਜ਼ਿੰਮੇਵਾਰੀ ਲੈਂਦਾ ਹੈ। ਉਸ ਨੇ ਦੱਸਿਆ ਕਿ ਲੱਕੀ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਇਸ ਦੀ ਸ਼ਿਕਾਇਤ ਉਸ ਨੇ ਪੁਲਿਸ ਨੂੰ ਵੀ ਦਿੱਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਬੀਤੀ ਰਾਤ ਉਸ ਨੇ ਮੇਰੀ ਮਾਂ ਨੂੰ ਗਾਲ੍ਹਾਂ ਵੀ ਕੱਢੀਆਂ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ।
ਮ੍ਰਿਤਕ ਲੱਕੀ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਗਨਦੀਪ ਨੇ ਉਸ ਦੇ ਭਰਾ ਦੇ ਪੈਸੇ ਦੇਣੇ ਸਨ ਪਰ ਜਦੋਂ ਲੱਕੀ ਨੇ ਪੈਸੇ ਮੰਗੇ ਤਾਂ ਉਸ ਨੇ ਮਨ੍ਹਾ ਕਰ ਦਿੱਤਾ ਸਗੋਂ ਦੂਜੇ ਪਾਸੇ ਉਸ ਖਿਲਾਫ ਝੂਠਾ ਪਰਚਾ ਦਰਜ ਕਰਵਾ ਦਿੱਤਾ। ਮ੍ਰਿਤਕ ਦੇ ਭਰਾ ਦਾ ਇਹ ਵੀ ਦੋਸ਼ ਹੈ ਕਿ ਉਸ ਦੇ ਭਰਾ ਦਾ ਕਤਲ ਗਗਨਦੀਪ ਦੀ ਭੈਣ, ਮਾਂ ਤੇ ਦੋਸਤਾਂ ਨੇ ਮਿਲ ਕੇ ਕੀਤਾ ਹੈ। ASI ਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਵਾਰਸਤੇ ਭੇਜ ਦਿੱਤਾ ਗਿਆ ਹੈ ਤੇ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਮ੍ਰਿਤਕ ਦੇ ਭਰਾ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।