The Chief Minister : ਪਟਿਆਲਾ ਤੋਂ ਇਕ ਦੁਖਦ ਖਬਰ ਹੈ ਕਿ 27 ਸਾਲਾ ਪੱਤਰਕਾਰ ਜੈਦੀਪ ਦੀ ਕੋਰੋਨਾ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜੈਦੀਪ ਦੀ ਕੋਰੋਨਾ ਰਿਪੋਰਟ 17 ਅਗਸਤ ਨੂੰ ਪਾਜੀਟਿਵ ਪਾਈ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਥੇ ਤਬੀਅਤ ਜ਼ਿਆਦਾ ਖਰਾਬ ਹੋਣ ‘ਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ ਤੇ ਕਲ ਰਾਤ 23 ਅਗਸਤ ਨੂੰ ਉਨ੍ਹਾਂ ਨੇ ਹਸਪਤਾਲ ‘ਚ ਆਖਰੀ ਸਾਹ ਲਏ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੈਦੀਪ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਕਿਹਾ ਹੈ ਕਿ ਕੋਵਿਡ-19 ਕਾਰਨ ਆਪਣੀ ਜਾਨ ਗੁਆਉਣ ਵਾਲੇ ਪੱਤਰਕਾਰ ਜੈਦੀਪ ਸਿੰਘ ਦੀ ਦੇਹਾਂਤ ਦੀ ਖਬਰ ਸੁਣ ਕੇ ਦੁੱਖ ਪੁੱਜਾ ਹੈ ਤੇ ਮੈਂ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਉਨ੍ਹਾਂ ਦੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਜੈਦੀਪ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਛੱਡ ਗਏ ਹਨ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਸ਼ਹਿਰ ‘ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੇ ਨਾਲ-ਨਾਲ ਜਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਜੈਦੀਪ ਦੇ ਅੰਤਿਮ ਸਸਕਾਰ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਜੈ ਦੀਪ ਨੂੰ ਸਮਰਪਿਤ ਪੱਤਰਕਾਰ ਦੱਸਦਿਆਂ ਕਿਹਾ ਕਿ ਉਹ ਇੱਕ ਵਧੀਆ ਫੋਟੋਗ੍ਰਾਫਰ ਸਨ ਜਿਨ੍ਹਾਂ ਨੂੰ ਫੋਟੋ ਪੱਤਰਕਾਰੀ ਦੀ ਡੂੰਘੀ ਸਮਝ ਸੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਜੈ ਦੀਪ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੁਖੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈ।