164 new Corona cases : ਜਲੰਧਰ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੋਜ਼ਾਨਾ ਇਸ ਦੇ ਮਾਮਲਿਆਂ ਵਿਚ ਜਿਥੇ ਵੱਡੀ ਗਿਣਤੀ ਵਿਚ ਵਾਧਾ ਦੇਖਿਆ ਜਾ ਰਿਹਾ ਹੈ ਉਥੇ ਹੀ ਇਸ ਨਾਲ ਹੋਣ ਵਾਲੀਆਂ ਮੌਤਾਂ ਵੀ ਵਧਦੀਆਂ ਹੀ ਜਾ ਰਹੀਆਂ ਹਨ। ਅੱਜ ਜ਼ਿਲ੍ਹੇ ਵਿਚ ਕੋਰੋਨਾ ਨਾਲ ਜਿੱਥੇ ਚਾਰ ਮਰੀਜ਼ਾਂ ਦੀ ਮੌਤ ਹੋ ਗਈ ਉਥੇ ਵੱਡੀ ਗਿਣਤੀ ਵਿਚ 164 ਨਵੇਂ ਮਾਮਲੇ ਸਾਹਮਣੇ ਆਏ। ਮਿਲੀ ਜਾਣਕਾਰੀ ਮ੍ਰਿਤਕਾਂ ਵਿਚੋਂ ਦੋ ਦੀ ਪਛਾਣ ਜਮਸ਼ੇਰ ਖਾਸ ਦੇ ਰਹਿਣ ਵਾਲੇ 52 ਸਾਲਾ ਮਹਿੰਦਰ ਸਿੰਘ ਅਤੇ ਨਕੋਦਰ ਦੇ 67 ਸਾਲਾ ਕੇਸ਼ਵ ਧੀਰ ਵਜੋਂ ਹੋਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜ਼ਿਲ੍ਹੇ ਵਿਚ ਕੋਰੋਨਾ ਨਾਲ ਪੰਜ ਮਰੀਜ਼ਾਂ ਦੀ ਮੌਤ ਹੋ ਗਈ ਸੀ। ਉਥੇ ਹੀ ਡੀਸੀ ਆਫਿਸ, ਇਨਕਮ ਟੈਕਸ ਆਫਿਸ ਤੇ ਨਗਰ ਕੌਂਸਲ ਨੂਰਮਹਿਲ ਦੇ ਤਿੰਨ ਮੁਲਾਜ਼ਮਾਂ ਸਣੇ 192 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ। ਉਥੇ 147 ਮਰੀਜ਼ਾਂ ਨੂੰ ਠੀਕ ਹੋਣ ’ਤੇ ਕੋਵਿਡ ਕੇਅਰ ਸੈੰਟਰਾਂ ਤੋਂ ਛੁੱਟੀ ਦੇ ਕੇ ਘਰ ਵਿਚ ਆਈਸੋਲੇਸ਼ਨ ਲਈ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਫਤਰ ਦੇ ਇਕ ਕਲਰਕ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਦਫਤਰ ਨੂੰ ਸੈਨੇਟਾਈਜ਼ ਕਰਨ ਲਈ ਸੀਲ ਕਰ ਦਿੱਤਾ ਗਿਆ ਹੈ। ਡੀਸੀ ਦਫਤਰ ਵਿਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਜ਼ਿਲ੍ਹੇ ’ਚੋਂ ਹੁਣ ਤੱਕ ਕੋਰੋਨਾ ਦੇ 66061 ਸੈੰਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 58672 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਥੇ ਹੀ ਹੁਣ ਤੱਕ ਜ਼ਿਲ੍ਹੇ ਵਿਚੋਂ 3902 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲੋਂ ਘਰ ਪਰਤ ਚੁੱਕੇ ਹਨ। ਹਾਲ ਦੀ ਘੜੀ 2016 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਤੇ ਕੋਵਿਡ ਕੇਅਰ ਸੈਂਟਰਾਂ ਵਿਚ ਇਲਾਜ ਚੱਲ ਰਿਹਾ ਹੈ।