Two cousins die : ਤਰਨਤਾਰਨ : ਅੱਜ ਜਿਲ੍ਹਾ ਤਰਨਤਾਰਨ ਦੇ ਪਿੰਡ ਖੱਖ ਵਿਖੇ ਉਦੋਂ ਸੋਗ ਦਾ ਮਾਹੌਲ ਬਣ ਗਿਆ ਜਦੋਂ ਦੋ ਚਚੇਰੇ ਭਰਾਵਾਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਤਖਤੂਚੱਕ ਤੋਂ ਢੋਟੇ ਵਲ ਜਾ ਰਹੇ ਸਨ ਕਿ ਸਾਹਮਣਿਓਂ ਆ ਰਹੀ ਮੋਟਰਸਾਈਕਲ ਰੇਹੜੀ ਜਿਸ ‘ਚ ਸ਼ਟਰਿੰਗ ਦਾ ਸਾਮਾਨ ਲੱਦਿਆ ਹੋਇਆ ਸੀ ਉਨ੍ਹਾਂ ਦੇ ਮੋਟਰਸਾਈਕਲ ਨਾਲ ਟਕਰਾ ਗਈ ਤੇ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦੋਵੇਂ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਮ੍ਰਿਤਕਾਂ ਦੀ ਪਛਾਣ ਰਾਜਵੀਰ ਸਿੰਘ ਪੁੱਤਰ ਈਸ਼ਰ ਸਿੰਘ (18 ਸਾਲ) ਅਤੇ ਸਿਮਰਜੋਤ ਸਿੰਘ ਪੁੱਤਰ ਸਤਨਾਮ ਸਿੰਘ (12) ਸਾਲ ਵਜੋਂ ਹੋਈ ਹੈ।
ਸਾਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਮੌਕੇ ‘ਤੇ ਪੁੱਜੀ ਅਤੇ ਉਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ। ਥਾਣਾ ਮੁਖੀ ਮੈਡਮ ਸੋਨੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਸ ਰੇਹੜੀ ਨਾਲ ਮੋਟਰਸਾਈਕਲ ਟਕਰਾਈ ਸੀ ਉਹ ਵੈਰੋਵਾਲ ਦਾਰਾਪੁਰ ਦੇ ਰਹਿਣ ਵਾਲੇ ਹਨ ਤੇ ਉਹ ਮੌਕੇ ਤੋਂ ਫਰਾਰ ਹੋ ਗਏ ਹਨ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।