Health Minister attends funeral : ਚੰਡੀਗੜ੍ਹ : ਸਿਵਲ ਹਸਪਤਾਲ ਅੰਮ੍ਰਿਤਸਰ ਦੇ ਇੰਚਾਰਜ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਰੁਣ ਸ਼ਰਮਾ ਦੀ ਦਿਲ ਦੇ ਦੌਰੇ ਨਾਲ ਮੌਤ ਹੋ ਗਈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅੰਤਿਮ ਸੰਸਕਾਰ ਮੌਕੇ ਸ਼ਾਮਲ ਹੋਏ। ਡਾ. ਸ਼ਰਮਾ ਦੇ ਅਚਾਨਕ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਿੱਧੂ ਨੇ ਕਿਹਾ ਕਿ ਡਾ. ਸ਼ਰਮਾ ਦੀ ਮੌਤ ਨਾਲ ਪਰਿਵਾਰ ਨੂੰ ਹੀ ਨਹੀਂ ਸਗੋਂ ਸਿਹਤ ਵਿਭਾਗ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਉਨ੍ਹਾਂ ਦੀਆਂ ਸੁਹਿਰਦ ਸੇਵਾਵਾਂ ਦਾ ਹਮੇਸ਼ਾ ਰਿਣੀ ਰਹੇਗਾ ਅਤੇ ਦੁਖੀ ਪਰਿਵਾਰ ਨਾਲ ਖੜ੍ਹਾ ਰਹੇਗਾ।
ਦੱਸਣਯੋਗ ਹੈ ਕਿ ਡਾ. ਅਰੁਣ ਸ਼ਰਮਾ ਨੇ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਐਮਡੀ ਟ੍ਰਾਂਸਫਿਊਜ਼ਨ ਕੀਤੀ ਸੀ ਅਤੇ ਕਮਿਉਨਟੀ ਹੈਲਥ ਸੈਂਟਰ ਫਤਿਹਗੜ੍ਹ ਚੂੜੀਆਂ ਵਿਖੇ ਐਸਐਮਓ ਰਹੇ। ਬਲੱਡ ਟਰਾਂਸਫਿਊਜ਼ਨ ਅਧਿਕਾਰੀ ਵਜੋਂ ਉਨ੍ਹਾਂ ਨੇ ਬਲੱਡ ਬੈਂਕ ਅੰਮ੍ਰਿਤਸਰ ਦੀ ਸਥਾਪਨਾ ਵਿਚ ਅਹਿਮ ਭੂਮਿਕਾ ਨਿਭਾਈ। 53 ਸਾਲਾ ਡਾ. ਸ਼ਰਮਾ ਮਾਰਚ ਤੋਂ ਹੀ ਕੋਵਿਡ-19 ਵਿਰੁੱਧ ਮੋਹਰਲੀ ਕਤਾਰ ਵਿੱਚ ਲੜ ਰਹੇ ਸਨ ਅਤੇ ਜ਼ਿਲ੍ਹਾ ਹਸਪਤਾਲ ਅੰਮ੍ਰਿਤਸਰ ਵਿੱਚ ਦਿਨ ਰਾਤ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਸਨ। ਉਹ ਦਿਲ ਦੇ ਮਰੀਜ਼ ਸਨ ਅਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਬਾਅਦ ਵਿੱਚ ੳਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ। ੳਨ੍ਹਾਂ ਨੂੰ ਵੈਂਟੀਲੇਟਰ `ਤੇ ਰੱਖਿਆ ਗਿਆ। ਪੀਜੀਆਈ ਦੇ ਮਾਹਿਰ ਡਾਕਟਰ ਉਨ੍ਹਾਂ ਦੀ ਸਿਹਤ ਦਾ ਖ਼ਿਆਲ ਰੱਖ ਰਹੇ ਸਨ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਪੀਜੀਆਈ ਜਾਂ ਮੇਦਾਂਤਾ ਹਸਪਤਾਲ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਤੋਂ ਪਹਿਲਾਂ ਹੀ ਅੱਜ ਸਵੇਰੇ ਉਨ੍ਹਾਂ ਦੀ ਦਿਲ ਦੇ ਦੌਰੇ ਨਾਲ ਮੌਤ ਹੋ ਗਈ।