Centre to probe Scholarship scam : ਪੰਜਾਬ ਵਿੱਚ ਸਾਹਮਣੇ ਆਏ ਕੇਂਦਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦਾ ਮੁੱਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਉਠਾਉਂਦੇ ਹੋਏ ਕੇਂਦਰ ਵਿੱਚ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਥਾਵਰ ਚੰਦ ਗਹਿਲੋਤ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਇਸ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਇਸ ਦੀ ਜਾਂਚ ਕਰਵਾਉਣਾ ਸੰਘੀ ਸਿਆਸੀ ਢਾਂਚੇ ’ਤੇ ਹਮਲਾ ਦੱਸਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਮਾਮਲੇ ਵਿੱਚ ਸਹਿਮਤੀ ਤੋਂ ਬਗੈਰ ਕੇਂਦਰੀ ਜਾਂਚ ਤਰਕ ਸੰਗਤ ਨਹੀਂ ਹੈ।
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਘਪਲੇ ਨੂੰ ਲੈ ਕੇ ਥਾਵਰ ਚੰਦ ਗਹਿਲੋਤ ਨੂੰ ਚਿੱਠੀ ਲਿਖ ਕੇ ਜਾਣੂ ਕਰਵਾਇਆ ਕਿ ਇਸ ਘਪਲੇ ਦੀ ਜਾਂਚ ਕਰ ਰਹੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸੌਂਪੀ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ ਕਿ ਅਨੁਸੂਚਿਤ ਵਿਦਿਆਰਥੀਆਂ ਨੂੰ ਮਿਲਣ ਵਾਲੀ ਸਕਾਲਰਸ਼ਿਪ ਦਾ ਪੈਸਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਵਿਭਾਗ ਦੇ ਹੇਠਲੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਿਯਮਾਂ ਨੂੰ ਅਣਗੌਲਿਆਂ ਕਰਦੇ ਹੋਏ ਆਪਣੇ ਚਾਹੁਣ ਵਾਲਿਆਂ ਨੂੰ ਵੰਡਿਆ ਹੈ। ਇਸ ਦਾ ਨੋਟਿਸ ਲੈਂਦੇ ਹੋਏ ਮੰਤਰੀ ਡਾ. ਥਾਵਰ ਚੰਦ ਗਹਿਲੋਤ ਨੇ ਕੇਂਦਰ ਸਰਕਾਰ ਵਿੱਚ ਜੁਆਇੰਟ ਸਕੱਤਰ ਪੱਧਰ ਦੇ ਦੋ ਅਧਿਕਾਰੀਆਂ ਵੱਲੋਂ ਵਿਭਾਗੀ ਜਾਂਚ ਦਾ ਹੁਕਮ ਦਿੱਤਾ ਹੈ। ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਡਾ. ਗਹਿਲੋਤ ਨੇ ਯਕੀਨ ਦਿਵਾਇਆ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਸੂਬਾ ਸਰਕਾਰ ਤੋਂ ਸਲਾਹ ਅਤੇ ਮੁੱਖ ਸਕੱਤਰ ਦੀ ਜਾਂਚ ਰਿਪੋਰਟ ਦੀ ਉਡੀਕ ਕੀਤੇ ਬਿਨਾਂ ਕਥਿਤ ਸਕਾਲਰਸ਼ਿਪ ਘਪਲੇ ਦੀ ਜਾਂਚ ਦੇ ਹੁਕਮ ਦੇਣ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰੀ ਜਾਂਚ ਦੀ ਗੱਲ ਸਹੀ ਹੈ ਤਾਂ ਇਹ ਕਦਮ ਭਾਰਤੀ ਸੰਵਿਧਾਨਕ ਰਾਜਨੀਤੀ ਦੇ ਸੰਘੀ ਢਾਂਚੇ ’ਤੇ ਇਕ ਹੋਰ ਹਮਲਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਆਡਿਟ ਦੇ ਹੁਕਮਾਂ ਦੌਰਾਨ ਹੀ ਕੁਝ ਬੇਨਿਯਾਮੀਆਂ ਸਾਹਮਣੇ ਆਈਆਂ ਸਨ ਜੋ ਹੁਣ ਮੁੱਖ ਸਕੱਤਰ ਦੀ ਜਾਂਚ ਦਾ ਵਿਸ਼ਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਨੂੰ ਬੀਤੇ ਸਰਕਾਰ ਦੇ ਸਮੇਂ ਦੌਰਾਨ ਮਨਜ਼ੂਰ ਕੀਤੇ ਗਏ ਫੰਡਾਂ ਅਨੁਸਾਰ ਕੁਝ ਕਾਲਜਾਂ ਨੂੰ ਕੀਤੀਆਂ ਕੁਝ ਅਦਾਇਗੀਆਂ ਵਿੱਚ ਪਾੜੇ ਅਤੇ ਬੇਨਿਯਾਮੀਆਂ ਦਾ ਪਤਾ ਲੱਗਿਆ ਸੀ, ਉਦੋਂ ਤੋਂ ਹੀ ਉਨ੍ਹਾਂ ਨੇ ਵਿਸਥਾਰ ਵਿੱਚ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਾਂਚ ਦੇ ਹੁਕਮ ਸਰਕਾਰ ਦੇ ਵਿਸ਼ੇਸ਼ ਨਿਯਮਾਂ ਅਤੇ ਇਕੋ-ਇਕ ਕਾਨੂੰਨੀ ਬਦਲ ਅਨੁਸਾਰ ਦਿੱਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਨਾਲ ਸਬੰਧਤ ਮਾਮਲੇ ਵਿੱਚ ਕੇਂਦਰੀ ਵਿਭਾਗ ਦੀ ਬਿਨਾਂ ਕਿਸੇ ਸਹਿਮਤੀ ਦੇ ਕੋਈ ਵੀ ਜਾਂਚ ਬਿਲਕੁਲ ਵੀ ਤਰਕਸੰਗਤ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਸ ਪੋਸਟ ਮੈਟ੍ਰਿਕ ਸਕਾਲਰਸ਼ਿਪ ਬੰਦ ਕਰਨ ਦੀ ਕੇਂਦਰ ਸਰਕਾਰ ਦੀ ਦਲਿਤ ਵਿਰੋਧੀ ਕਾਰਵਾਈ ਦੀ ਵੀ ਨਿੰਦਾ ਕੀਤੀ ਜਿਹੜੀ ਸੂਬੇ ਦੇ ਲੱਖਾਂ ਗਰੀਬ ਐਸ.ਸੀ. ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਲਾਭ ਪਹੁੰਚਾਉਂਦੀ ਸੀ।