ludhiana corona cases relief : ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਦੌਰਾਨ ਇਕ ਰਾਹਤ ਭਰੀ ਖਬਰ ਵੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਭਾਵ ਮੰਗਲਵਾਰ ਨੂੰ ਜਿੱਥੇ ਕੋਰੋਨਾ ਦੇ 214 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 19 ਮਰੀਜ਼ਾਂ ਨੇ ਦਮ ਤੋੜਿਆ ਉੱਥੇ ਹੀ 182 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਕੇ ਘਰ ਜਾ ਚੁੱਕੇ ਹਨ। ਇਸ ਨਾਲ ਜ਼ਿਲ੍ਹੇ ਭਰ ‘ਚੋਂ ਹੁਣ ਤੱਕ 79.15 ਫੀਸਦੀ ਲੋਕ ਠੀਕ ਵੀ ਹੋ ਚੁੱਕੇ ਹਨ।
ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 10,436 ਪੀੜਤਾਂ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 426 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1746 ਸਰਗਰਮ ਮਾਮਲੇ ਹਨ।ਇਸ ਤੋਂ ਇਲਾਵਾ ਜ਼ਿਲ੍ਹੇ ਭਰ ‘ਚੋਂ 8261 ਮਰੀਜ਼ ਠੀਕ ਵੀ ਹੋ ਚੁੱਕੇ ਹਨ ਅਤੇ ਹੁਣ ਤੱਕ 1,24,140 ਸੈਂਪਲ ਲਏ ਜਾ ਚੁੱਕੇ ਹਨ।
ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤਰੁੰਤ ਨੇੜੇ ਦੇ ਕੋਵਿਡ ਸੈਂਟਰ ‘ਚ ਜਾ ਕੇ ਵੱਧ ਤੋਂ ਵੱਧ ਕੋਰੋਨਾ ਟੈਸਟਿੰਗ ਕਰਵਾਉਣ। ਉਨ੍ਹਾਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਹ ਸਰਕਾਰੀ ਟੈਸਟਿੰਗ ਸੈਂਟਰਾਂ ‘ਚ ਫਰੀ ਟੈਸਟ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਨੈਤਿਕ ਜ਼ਿੰਮੇਵਾਰੀ ਸਮਝਾਉਂਦੇ ਹੋਏ ਅਪੀਲ ਕੀਤੀ ਹੈ ਕਿ ਸਤੰਬਰ ਮਹੀਨੇ ਦੌਰਾਨ ਕੋਈ ਵੀ ਜਨਮਦਿਨ, ਵਿਆਹ ਜਾਂ ਕੋਈ ਹੋਰ ਪ੍ਰੋਗਰਾਮ ‘ਚ ਹਿੱਸਾ ਨਾ ਲੈਣ ਕਿਉਂਕਿ ਕੋਵਿਡ ਮਹਾਮਾਰੀ ਸਤੰਬਰ ਮਹੀਨੇ ਦੇ 4 ਹਫਤਿਆਂ ਦੌਰਾਨ ਸ਼ਿਖਰ ‘ਤੇ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਇਸ ਲਈ ਹਦਾਇਤਾਂ ਦਾ ਪਾਲਣ ਕਰੋ ਅਤੇ ਅਫਵਾਹਾਂ ਤੋਂ ਬਚੋ।