Civil Surgeon and wife reported : ਪੰਜਾਬ ਵਿਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਇਸ ਦੀ ਲਪੇਟ ਵਿਚ ਕਈ ਪ੍ਰਸ਼ਾਸਨਿਕ ਅਤੇ ਸਿਹਤ ਅਧਿਕਾਰੀ ਆ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ’ਚ ਇਸ ਦੇ ਲਗਾਤਾਰ ਜਾਰੀ ਕਹਿਰ ਦੌਰਾਨ ਇਥੇ ਦੇ ਸਿਵਲ ਸਰਜਨ ਤੇ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਵਿੱਚ ਵੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀ ਨਾਰਾਇਣ ਸਿੰਘ ਤੇ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਦੋਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਕੁਆਰੰਟਾਈਨ ਕਰ ਲਿਆ ਹੈ।
ਇਹ ਜਾਣਕਾਰੀ ਸਿਹਤ ਵਿਭਾਗ ਦੇ ਇੱਕ ਬੁਲਾਰੇ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਲਗਭਗ ਦੋ ਘੰਟੇ ਪਹਿਲਾਂ ਸਿਵਲ ਸਰਜਨ ਡਾ. ਹਰੀ ਨਾਰਾਇਣ ਸਿੰਘ ਦਾ ਗਿੱਦੜਬਾਹਾ ਵਿਖੇ ਕੋਰੋਨਾ ਜਾਂਚ ਲਈ ਸੈਂਪਲ ਲਿਆ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਨ੍ਹਾਂ ਦੇ ਪੂਰੇ ਦਫਤਰ ਨੂੰ ਸੈਨੇਟਾਈਜ਼ ਕਰਵਾਇਆ ਜਾਵੇਗਾ। ਸਿਵਲ ਸਰਜਨ ਤੇ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ।