High Court Judge denied : ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਤੇ ਕਤਲ ਮਾਮਲੇ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਸੁਵੀਰ ਸਹਿਗਲ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸਹਿਗਲ ਨੇ ਕੇਸ ਵਾਪਿਸ ਚੀਫ ਜਸਟਿਸ ਕੋਲ ਭੇਜਣ ਦੀ ਬੇਨਤੀ ਕੀਤੀ ਹੈ ਕਿ ਕੇਸ ਕਿਸੇ ਦੂਸਰੀ ਬੈਂਚ ਨੂੰ ਸੁਣਵਾਈ ਲਈ ਭੇਜ ਦਿੱਤਾ ਜਾਵੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜਸਟਿਸ ਅਮੋਲ ਰਤਨ ਸਿੰਘ ਨੇ ਸੈਣੀ ਦੀ ਇਸੇ ਮਾਮਲੇ ਵਿੱਚ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਦੱਸਣਯੋਗ ਹੈ ਕਿ ਜਸਟਿਸ ਅਮੋਲ ਹਾਈਕੋਰਟ ਜੱਜ ਬਣਨ ਤੋਂ ਪਹਿਲਾਂ ਹਾਈਕੋਰਟ ਜੱਜ ਬਣਨ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਪੈਰਵੀ ਕਰਦੇ ਰਹੇ ਹਨ। ਇਸ ਦੇ ਚੱਲਦਿਆਂ ਉਨ੍ਹਾਂ ਨੇ ਪਟੀਸ਼ਨ ’ਤੇ ਸੁਣਵਾਈ ਕਰਨਾ ਸਹੀ ਨਹੀਂ ਸਮਝਿਆ। ਜਸਟਿਸ ਸੁਵੀਰ ਸਹਿਗਲ ਵੀ ਹਾਈਕੋਰਟ ਜੱਜ ਬਣਨ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਸਟੈਂਡਿੰਗ ਕਾਊਂਸਲ ਸਨ ਅਤੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਵੀ ਹਾਈਕੋਰਟ ਵਿੱਚ ਪੈਰਵੀ ਕਰ ਰਹੇ ਸਨ। ਇਸ ਦੇ ਚੱਲਦਿਆਂ ਉਨ੍ਹਾਂ ਨੇ ਸੈਣੀ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਨਹੀਂ ਕੀਤੀ।
ਪਟੀਸ਼ਨ ਵਿੱਚ ਸੈਣੀ ਨੇ ਕਿਹਾ ਕਿ ਇੱਕ ਰਿਟਾਇਰਡ ਪੁਲਿਸ ਮੁਲਾਜ਼ਮ ਗੁਰਮੀਤ ਸਿੰਘ ਪਿੰਕੀ ਦੇ ਦੋਸ਼ ਤੋਂ ਬਾਅਦ ਉਨ੍ਹਾਂ ਖਿਲਾਫ 29 ਸਾਲ ਪੁਰਾਣੇ ਮਾਮਲੇ ਵਿੱਚ ਐੱਫਆਈਆਰ ਕੀਤੀ ਗਈ ਹੈ। ਇਹ ਪੂਰਾ ਮਾਮਲਾ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਫਸਾਉਣ ਲਈ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 11 ਮਈ ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ ਪੇਸ਼ਗੀ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਐੱਫਆਈਆਰ ’ਚ ਹੱਤਿਆ ਦੀਆਂ ਧਾਰਾਵਾਂ ਨੂੰ ਜੋੜ ਦਿੱਤਾ। ਇਸ ਦੇ ਚੱਲਦਿਆਂ 1 ਸਤੰਬਰ ਨੂੰ ਮੋਹਾਲੀ ਅਦਾਲਤ ਨੇ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ। ਪਟੀਸ਼ਨ ਵਿੱਚ ਮੋਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਪੇਸ਼ਗੀ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ।