ludhiana coronavirus positive cases: ਲੁਧਿਆਣਾ (ਤਰਸੇਮ ਭਾਰਦਵਾਜ)-ਜਿੱਥੇ ਸੂਬੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ, ਉੱਥੇ ਹੀ ਲੁਧਿਆਣਾ ਜ਼ਿਲ੍ਹਾ ਸਭ ਤੋਂ ਜਿਆਦਾ ਪ੍ਰਭਾਵਿਤ ਹੈ। ਮਹਾਨਗਰ ‘ਚ ਰੋਜ਼ਾਨਾ 200-400 ਤੱਕ ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਕਿ ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ 341 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 300 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ ਜਦਕਿ 17 ਮਰੀਜ਼ਾਂ ਨੇ ਦਮ ਤੋੜਿਆ, ਜਿਨ੍ਹਾਂ ‘ਚੋਂ 14 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ।
ਦੱਸਣਯੋਗ ਹੈ ਕਿ ਹੁਣ ਤੱਕ ਮਹਾਨਗਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 11214 ਤੱਕ ਪਹੁੰਚ ਚੁੱਕੀ ਹੈ ਜਦਕਿ 474 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਮੌਜੂਦਾ ਸਮੇਂ 1743 ਸਰਗਰਮ ਮਾਮਲੇ ਹਨ। ਇਸ ਦੌਰਾਨ ਰਾਹਤ ਭਰੀ ਖਬਰ ਇਹ ਵੀ ਸਾਹਮਣੇ ਆਈ ਹੈ ਕਿ 80 ਫੀਸਦੀ ਲੋਕ ਠੀਕ ਵੀ ਹੋ ਚੁੱਕੇ ਹਨ, ਇਸ ਦਾ ਮਤਲਬ ਕਿ ਹੁਣ ਤੱਕ 8994 ਮਰੀਜ਼ ਪੂਰੀ ਤਰ੍ਹਾਂ ਸਿਹਤਯਾਬ ਹੋ ਗਏ ਘਰ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਹੁਣ ਤੱਕ 1,26,811 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 1,25,607 ਸੈਂਪਲਾਂ ਦੀ ਰਿਪੋਰਟ ਆ ਚੁੱਕੀ ਹੈ। ਇਨ੍ਹਾਂ ‘ਚੋਂ 1,13,189 ਸੈਂਪਲ ਨੈਗੇਟਿਵ ਆ ਚੁੱਕੇ ਹਨ। ਇੱਥੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚੋਂ 35888 ਲੋਕਾਂ ਨੂੰ ਇਕਾਂਤਵਾਸ ਕੀਤਾ ਗਿਆ ਸੀ ਅਤੇ ਮੌਜੂਦਾ ਸਮੇਂ 5334 ਲੋਕ ਇਕਾਂਤਵਾਸ ‘ਚ ਹਨ।