Earthquake Of Magnitude 3.5: ਮੁੰਬਈ: ਮਹਾਂਰਾਸ਼ਟਰ ਦੇ ਨਾਸਿਕ ਵਿੱਚ ਦੋ ਦਿਨ ਪਹਿਲਾਂ ਲਗਾਤਾਰ ਦੋ ਵਾਰ ਆਏ ਭੂਚਾਲ ਦੇ ਝਟਕਿਆਂ ਤੋਂ ਬਾਅਦ ਮੁੰਬਈ ਦੀ ਧਰਤੀ ਅੱਜ ਇਕ ਵਾਰ ਫਿਰ ਹਿਲ ਗਈ ਹੈ। ਮੁੰਬਈ ਵਿੱਚ ਅੱਜ 3.5 ਮਾਪ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਮੁੰਬਈ ਤੋਂ ਲਗਭਗ 102 ਕਿਲੋਮੀਟਰ ਦੀ ਦੂਰੀ ‘ਤੇ ਇਹ ਝਟਕੇ ਮਹਿਸੂਸ ਕੀਤੇ ਗਏ ਹਨ। ਫਿਲਹਾਲ, ਇਸ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਦੱਸ ਦੇਈਏ ਕਿ ਮਹਾਂਰਾਸ਼ਟਰ ਦੇ ਨਾਸਿਕ ਵਿੱਚ ਦੋ ਦਿਨ ਪਹਿਲਾਂ ਇੱਕ ਤੋਂ ਬਾਅਦ ਇੱਕ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਤੋਂ ਪਹਿਲਾਂ ਅਗਸਤ ਵਿੱਚ ਵੀ ਇਸੇ ਤਰ੍ਹਾਂ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਨਾਸਿਕ ਦੇ ਭੂਚਾਲ ਦੀ ਤੀਬਰਤਾ 4.0 ਅਤੇ 3.6 ਸੀ। ਅੱਜ ਮੁੰਬਈ ਵਿੱਚ ਆਏ ਭੂਚਾਲ ਦੀ ਤੀਬਰਤਾ 3.5 ਮਾਪੀ ਗਈ ਹੈ।
ਗੌਰਤਲਬ ਹੈ ਕਿ ਪਿਛਲੇ 6 ਮਹੀਨਿਆਂ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਕਈ ਵਾਰ ਮਹਿਸੂਸ ਕੀਤੇ ਜਾ ਚੁੱਕੇ ਹਨ । ਇਸ ਤੋਂ ਪਹਿਲਾਂ ਪਿਛਲੇ ਮਹੀਨੇ ਮਹਾਂਰਾਸ਼ਟਰ ਦੇ ਪਾਲਘਰ ਵਿੱਚ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ। ਪਾਲਘਰ ਵਿੱਚ 2.8 ਤੀਬਰਤਾ ਵਾਲੇ ਭੂਚਾਲ ਕਾਰਨ ਕੋਈ ਨੁਕਸਾਨ ਨਹੀਂ ਹੋਇਆ ਸੀ। ਹਾਲਾਂਕਿ, ਮਹਾਂਰਾਸ਼ਟਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਭੂਚਾਲ ਦੇ ਝਟਕਿਆਂ ਨੇ ਵਿਗਿਆਨੀਆਂ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ।