corona amrik singh dhillon: ਲੁਧਿਆਣਾ (ਤਰਸੇਮ ਭਾਰਦਵਾਜ)-ਭਾਵੇਂ ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਪਰ ਫਿਰ ਵੀ ਇੱਥੇ ਲੋਕਾਂ ਦੁਆਰਾ ਕੋਰੋਨਾ ਨਾਲ ਨਜਿੱਠਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਇੱਥੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਜੋ ਕੋਰੋਨਾ ਬੀਮਾਰੀ ਦੀ ਚਪੇਟ ‘ਚ ਆ ਗਏ ਸੀ, ਹੁਣ ਉਹ ਮੁੜ ਠੀਕ ਹੋ ਕੇ ਲੋਕ ਸੇਵਾ ‘ਚ ਜੁੱਟ ਗਏ ਹਨ। ਇਸ ਦੌਰਾਨ ਉਨ੍ਹਾਂ ਅੱਜ ਮਾਛੀਵਾੜਾ ਇਲਾਕੇ ’ਚ ਪਹਿਲੇ ਸਮਾਰੋਹ ਦੌਰਾਨ ਨਗਰ ਕੌਂਸਲ ਦਫ਼ਤਰ ਵਿਖੇ ਪੰਜਾਬ ਸਰਕਾਰ ਵੱਲੋਂ ਭੇਜਿਆ ਗਿਆ ਮੁਫ਼ਤ ਰਾਸ਼ਨ ਲੋੜਵੰਦ ਪਰਿਵਾਰਾਂ ‘ਚ ਵੰਡਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਢਿੱਲੋਂ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਣ ਅੱਜ ਹਰੇਕ ਵਰਗ ਪ੍ਰਭਾਵਿਤ ਹੋਇਆ ਹੈ, ਖ਼ਾਸ ਕਰ ਗਰੀਬ ਲੋਕਾਂ ਨੂੰ ਭਾਰੀ ਆਰਥਿਕ ਸੱਟ ਲੱਗੀ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋੜਵੰਦ ਲੋਕਾਂ ਲਈ ਮੁਫ਼ਤ ਰਾਸ਼ਨ ਵੰਡਣ ਦੀ ਮੁਹਿੰਮ ਆਰੰਭੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਛੀਵਾੜਾ ਸ਼ਹਿਰ ’ਚ ਪਹਿਲਾਂ ਵੀ ਲੋੜਵੰਦ ਲੋਕਾਂ ਨੂੰ ਹੁਣ ਤੱਕ ਸਰਕਾਰੀ ਤੇ ਗੈਰ-ਸਰਕਾਰੀ ਤੌਰ ’ਤੇ 10 ਹਜ਼ਾਰ ਰਾਸ਼ਨ ਦੇ ਪੈਕੇਟ ਵੰਡੇ ਜਾ ਚੁੱਕੇ ਹਨ ਅਤੇ ਅੱਜ ਵੀ ਸਰਕਾਰ ਵੱਲੋਂ ਭੇਜੇ ਗਏ 400 ਪੈਕੇਟਾਂ ਦੀ ਪਹਿਲੀ ਖੇਪ ਲੋਕਾਂ ਨੂੰ ਵੰਡੀ ਗਈ। ਉਨ੍ਹਾਂ ਨੇ ਕਿਹਾ ਕਿ ਨਗਰ ਕੌਂਸਲਾਂ ਦੇ ਕੌਂਸਲਰਾਂ ਰਾਹੀਂ ਸ਼ਹਿਰ ਦੇ 15 ਵਾਰਡਾਂ ’ਚ ਜੋ ਵੀ ਲੋੜਵੰਦ ਪਰਿਵਾਰ ਹਨ, ਉਨ੍ਹਾਂ ਨੂੰ ਰਾਸ਼ਨ ਜ਼ਰੂਰ ਮਿਲੇਗਾ। ਵਿਧਾਇਕ ਢਿੱਲੋਂ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਬਲਾਕ ਦੇ 116 ਪਿੰਡਾਂ ’ਚ ਲੋੜਵੰਦ ਤੇ ਗਰੀਬ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੀਮਾਰੀ ਤੋਂ ਬਚਣ ਲਈ ਸਿਹਤ ਮਹਿਕਮੇ ਦੇ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ।