High Court dismissed both : 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਕਤਲ ਮਾਮਲੇ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪੇਸ਼ਗੀ ਜ਼ਮਾਨਤ ਅਤੇ ਕੇਸ ਦੀ ਸੂਬੇ ਤੋਂ ਬਾਹਰ ਕਿਸੇ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਵਾਲੀਆਂ ਦੋਵੇਂ ਪਟੀਸ਼ਨਾਂ ਨੂੰ ਮੰਗਲਵਾਰ ਨੂੰ ਹਾਈਕੋਰਟ ਦੇ ਜਸਟਿਸ ਫਤਿਹਦੀਪ ਸਿੰਘ ਦੀ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ। ਹੁਣ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ। ਦੱਸਣਯੋਗ ਹੈ ਕਿ ਦੋਵੇਂ ਜੱਜਾਂ ਵੱਲੋਂ ਸੈਣੀ ਦੀਆਂ ਪਟੀਸ਼ਨਾਂ ਨੂੰ ਸੁਣਨ ਤੋਂ ਇਨਕਾਰ ਕਰਨ ਤੋਂ ਬਾਅਦ ਸੋਮਵਾਰ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਫਤਿਹਦੀਪ ਸਿੰਘ ਨੇ ਸੁਣਵਾਈ ਕਰਕੇ ਦੋਵੇਂ ਪਟੀਸ਼ਨਾਂ ’ਤੇ ਸਾਰੇ ਪੱਖਾਂ ਨੂੰ ਲਗਭਗ ਪੰਜ ਘੰਟੇ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਸਵੇਰੇ-ਸਵੇਰੇ ਸੈਣੀ ਨੂੰ ਹਾਈਕੋਰਟ ਨੇ ਇਹ ਵੱਡਾ ਝਟਕਾ ਦੇ ਦਿੱਤਾ।
ਦੱਸਣਯੋਗ ਹੈ ਕਿ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵੱਲੋਂ ਸੈਣੀ ਦੀ ਪੇਸ਼ਗੀ ਜ਼ਮਾਨਤ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਸ਼ਰਣ ਲੈ ਕੇ ਪੇਸ਼ਗੀ ਜ਼ਮਾਨਤ ਦੀ ਮੰਗ ਕੀਤੀ ਸੀ। ਇਸ ਦੀ ਸੁਣਵਾਈ ਪਿਛਲੇ ਹਫਤੇ ਸ਼ੁੱਕਰਵਾਰ ਨੂੰ ਜਸਟਿਸ ਸੁਵੀਰ ਸਹਿਗਲ ਦੇ ਕੋਲ ਹੋਣੀ ਸੀ, ਪਰ ਉਨ੍ਹਾਂ ਨੇ ਸੁਣਵਾਈ ਕਰਨ ਤੋਂ ਇਨਕਾਰ ਕਰਦੇ ਹੋਏ ਮਾਮਲੇ ਨੂੰ ਚੀਫ ਜਸਟਿਸ ਨੂੰ ਭੇਜਣ ਲਈ ਕਿਹਾ ਸੀ ਕਿ ਇਸ ਨੂੰ ਕਿਸੇ ਦੂਸਰੇ ਬੈਂਚ ਨੂੰ ਸੁਣਵਾਈ ਲਈ ਭੇਜ ਦਿੱਤਾ ਜਾਵੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜਸਟਿਸ ਅਮੋਲ ਰਤਨ ਸਿੰਘ ਨੇ ਸੈਣੀ ਦੀ ਇਸੇ ਮਾਮਲੇ ਵਿੱਚ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਹਾਈਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਜਸਟਿਸ ਅਨਮੋਲ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਪੈਰਵੀ ਕਰਦੇ ਰਹੇ ਹਨ। ਜਸਟਿਸ ਸੁਵੀਰ ਸਹਿਗਲ ਵੀ ਹਾਈਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਪੈਰਵੀ ਕਰ ਰਹੇ ਸਨ। ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਸਟੈਂਡਿੰਗ ਕਾਊਂਸਿਲ ਵੀ ਸਨ। ਇਸੇ ਕਾਰਨ ਦੋਵਾਂ ਨੇ ਪਟੀਸ਼ਨ ’ਤੇ ਸੁਣਵਾਈ ਕਰਨਾ ਸਹੀ ਨਹੀਂ ਸਮਝਿਆ।