214 New Corona Cases : ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਅੱਜ ਜ਼ਿਲ੍ਹੇ ਵਿੱਚ ਕੋਰੋਨਾ ਦੇ 214 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਜ਼ਿਲ੍ਹੇ ਵਿੱਚ ਕੋਰੋਨਾ ਨਾਲ 14 ਮੌਤਾਂ ਹੋਈਆਂ ਹਨ। ਅੱਜ ਸਾਹਮਣੇ ਆਏ ਮਰੀਜ਼ਾਂ ਵਿੱਚੋਂ 25 ਮਾਮਲੇ ਦੂਸਰੇ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਇਸ ਮੁਤਾਬਕ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਦੇ 189 ਮਰੀਜ਼ਾਂ ਦੀ ਪੁਸ਼ਟੀ ਹੋਈ ਜਿਨ੍ਹਾਂ ਵਿੱਚੋਂ 21 ਮਾਮਲੇ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਾਲੇ ਹਨ। ਅੱਜ ਸਾਹਮਣੇ ਆਏ ਮਾਮਲਿਆਂ ਵਿੱਚ ਤਿੰਨ ਹੈਲਥ ਕੇਅਰ ਵਰਕਰ ਵੀ ਸ਼ਾਮਲ ਹਨ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਮਰਨ ਵਾਲਿਆਂ ਵਿੱਚੋਂ 11 ਲੁਧਿਆਣਾ ਜ਼ਿਲ੍ਹੇ ਦੇ, ਇੱਕ ਮੋਗਾ, ਇੱਕ ਜਲੰਧਰ ਅਤੇ ਇੱਕ ਮਰੀਜ਼ ਫਤਿਹਗੜ੍ਹ ਸਾਹਿਬ ਨਾਲ ਸੰਬੰਧਤ ਹਨ।
ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ ਨੇ ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚੋਂ ਕੋਰੋਨਾ ਦੇ 12754 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 1383 ਮਾਮਲੇ ਦੂਸਰੇ ਜ਼ਿਲ੍ਹਿਆਂ/ ਸੂਬਿਆਂ ਨਾਲ ਸੰਬੰਧਤ ਹਨ। ਉਥੇ ਹੀ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ 546 ਹੋ ਗਈ ਹੈ, ਜਿਨ੍ਹਾਂ ਵਿੱਚੋਂ 142 ਮਰਨ ਵਾਲੇ ਮਰੀਜ਼ ਬਾਹਰਲੇ ਸੂਬਿਆਂ ਨਾਲ ਸੰਬੰਧਤ ਹਨ। ਜ਼ਿਲ੍ਹੇ ਵਿੱਚ 32 ਮਰੀਜ਼ਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਹੁਣ ਤੱਕ 10443 ਮਰੀਜ਼ ਇਸ ਨਾਮੁਰਾਦ ਬੀਮਾਰੀ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਹੁਣ ਤੱਕ ਜ਼ਿਲ੍ਹੇ ਵਿੱਚੋਂ 179067 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ। ਅੱਜ 1218 ਆਰਟੀਪੀਸੀਆਰ ਸੈਂਪਲ ਟੈਸਟ ਲਈ ਭੇਜੇ ਗਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਾਕਰ ਵੱਲੋਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਕਰਨ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਕਰਨ।