Sukhna Lake is : ਚੰਡੀਗੜ੍ਹ : ਸੁਖਨਾ ਲੇਕ ਨੂੰ ਵੀਕੈਂਡ ’ਤੇ ਸੈਲਾਨੀਆਂ ਅਤੇ ਸੈਰ ਕਰਨ ਵਾਲਿਆਂ ਲਈ ਖੋਲ੍ਹ ਦਿੱਤਾ ਗਿਆ ਹੈ। ਪ੍ਰਸ਼ਾਸਕ ਵੀਪੀ ਸਿੰਘ ਬਦਨੋਰ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਵਾਰ ਰੂਮ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਇਸ ਦੌਰਾਨ ਪੁਲਿਸ ਵੱਲੋਂ ਪੂਰੀ ਨਿਗਰਾਨੀ ਰੱਖੀ ਜਾਏਗੀ। ਪ੍ਰਸ਼ਾਸਨ ਨੇ ਸ਼ਹਿਰ ਵਿੱਚ ਵਧਦੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਲੇਕ ਨੂੰ ਸ਼ਨੀਵਾਰ ਤੇ ਐਤਵਾਰ ਨੂੰ ਲੋਕਾਂ ਲਈ ਬੰਦ ਕਰ ਦਿੱਤਾ ਸੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਨਾ ਲੇਕ ਲੋਕਾਂ ਲਈ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਖੁੱਲ੍ਹੀ ਰਹਿੰਦੀ ਹੈ। ਵੀਕੈਂਡ ’ਤੇ ਛੁੱਟੀ ਦੇ ਚੱਲਦਿਆਂ ਇਥੇ ਆਉਣ ਵਾਲੇ ਲੋਕਾਂ ਦੀ ਗਿਣਤੀ ਕਾਫੀ ਵੱਧ ਜਾਂਦੀ ਸੀ, ਜਿਸ ਨਾਲ ਕੋਰੋਨਾ ਇਨਫੈਕਸ਼ਨ ਦਾ ਖਤਰਾ ਵੀ ਕਾਫੀ ਵੱਧ ਜਾਂਦਾ ਸੀ। ਇਸੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਲੈ ਕੇ ਇਸ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਸੀ, ਜਿਸ ਨੂੰ ਹੁਣ ਵਾਪਿਸ ਲੈ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਹੋਈ ਵਾਰ ਰੂਮ ਦੀ ਬੈਠਕ ਵਿੱਚ ਅੰਤਰਰਾਜੀ ਬੱਸਾਂ ਦੀ ਆਵਾਜਾਈ ਨੂੰ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਹੁਣ ਪੰਜਾਬ ਅਤੇ ਹਰਿਆਣਾ ਦੇ 16 ਪ੍ਰਮੁੱਖ ਰੂਟਾਂ ਤੋਂ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਆਪਣੀਆਂ ਬੱਸਾਂ ਦੀ ਆਵਾਜਾਈ ਦੁਬਾਰਾ ਤੋਂ ਸ਼ੁਰੂ ਕਰਨ ਜਾ ਰਹੀ ਹੈ। ਬੱਸਾਂ ਦੀ ਆਵਾਜਾਈ 16 ਸਤੰਬਰ ਤੋਂ 50 ਫੀਸਦੀ ਸਮਰੱਥਾ ਨਾਲ ਸ਼ੁਰੂ ਹੋਵੇਗੀ। ਇਸ ਨਾਲ ਜ਼ਿਆਦਾ ਪੈਸੇਂਜਰ ਇਕ ਸਮੇਂ ਵਿੱਚ ਸਫਰ ਨਹੀਂ ਕਰ ਸਕਣਗੇ। ਬੱਸਾਂ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਵੀ ਜ਼ਰੂਰੀ ਹੋਵੇਗੀ।