Longowal Appeal to include Punjabi : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਭਾਈ ਲੌਂਗੋਵਾਲ ਨੇ ਭਾਸ਼ਾ ਬਿੱਲ ਨੂੰ ਸੰਸਦ ਵਿੱਚ ਪਾਸ ਕਰਨ ਤੋਂ ਪਹਿਲਾਂ ਇਸ ਵਿਚ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕੀਤੇ ਜਾਣ ਦੀ ਅਪੀਲ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਰਤ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਪ੍ਰਵਾਨ ਕੀਤੇ ਗਏ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖੇ ਜਾਣ ਕਾਰਨ ਕਾਰਨ ਸਿੱਖਾਂ ਅੰਦਰ ਰੋਸ ਹੈ। ਉਨ੍ਹਾਂ ਕਿਹਾ ਕਿ ਮਾਨਸੂਨ ਸੈਸ਼ਨ ਦੌਰਾਨ ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲਾ ਇਹ ਭਾਸ਼ਾ ਬਿੱਲ ਸੋਧੇ ਜਾਣ ਤੋਂ ਬਾਅਦ ਹੀ ਪਾਸ ਕੀਤਾ ਜਾਵੇ। ਇਸ ਦੇ ਨਾਲ ਹੀ ਇਸ ਬਿੱਲ ਵਿੱਚ ਹੋਰ ਖੇਤਰੀ ਭਾਸ਼ਾਵਾਂ ਨੂੰ ਵੀ ਮਾਨਤਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੰਸਦ ਵਿਚ ਬਿੱਲ ’ਤੇ ਮੋਹਰ ਲਗਾਉਣ ਤੋਂ ਪਹਿਲਾਂ ਇਸ ਵਿੱਚ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਦਰਜ ਕੀਤੀਆਂ ਜਾਣ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਜੰਮੂ ਕਸ਼ਮੀਰ ਅੰਦਰ ਵੱਡੀ ਗਿਣਤੀ ਵਿਚ ਲੋਕ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਬੋਲਦੇ ਹਨ। ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ਦੇ ਸੰਵਿਧਾਨ ਵਿਚ ਵੀ ਮਾਨਤਾ ਸੀ। ਇਸ ਲਈ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਨੂੰ ਮਾਨਤਾ ਨਾ ਦੇਣ ਨੂੰ ਹਰ ਤਰ੍ਹਾਂ ਤੋਂ ਗਲਤ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਕਦਮ ਨਾਲ ਘੱਟਗਿਣਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਜੰਮੂ ਕਸ਼ਮੀਰ ਅੰਦਰ ਸਿੱਖਾਂ ਨੂੰ ਪਹਿਲਾਂ ਹੀ ਘੱਟਗਿਣਤੀ ਦੇ ਦਰਜੇ ਤੋਂ ਵਾਂਝਿਆਂ ਰੱਖਿਆ ਹੋਇਆ ਹੈ ਅਤੇ ਹੁਣ ਪੰਜਾਬੀ ਭਾਸ਼ਾ ਨਾਲ ਅਨਿਆਂ ਕਰਕੇ ਉਨ੍ਹਾਂ ਨਾਲ ਇਕ ਹੋਰ ਧੱਕਾ ਕੀਤਾ ਗਿਆ ਹੈ।