Corona patient dies after jumping : ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਇੱਕ ਕੋਰੋਨਾ ਮਰੀਜ਼ ਵੱਲੋਂ ਤੀਸਰੀ ਮੰਜ਼ਿਲ ਤੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਉਸ ਦੀ ਮੌਤ ਹੋ ਗਈ। ਇਹ ਘਟਨਾ ਅੱਜ ਸਵੇਰੇ 5 ਵਜੇ ਦੀ ਹੈ। ਉਧਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ’ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ ਅਤੇ ਲਾਸ਼ ਨੂੰ ਐਰਜੈਂਸੀ ਵਿਭਾਗ ਦੇ ਬਾਹਰ ਰੱਖ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਹਸਪਤਾਲ ਪ੍ਰਸ਼ਾਸਨ ਖਿਲਾਫ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਪੁਲਿਸ ਵੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਨੂੰ ਸ਼ਾਂਤ ਕਰਵਾਉਣ ਵਿੱਚ ਜੁਟ ਗਈ। ਮ੍ਰਿਤਕ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਮੁਦਕੀ ਦੇ 38 ਸਾਲਾ ਸੰਦੀਪ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਸੰਦੀਪ ਸਿੰਘ ਨੂੰ ਛਾਤੀ ਵਿੱਚ ਇਨਫੈਕਸ਼ਨ ਸੀ, ਜਿਸ ਦੇ ਚੱਲਦਿਆਂ ਉਸ ਨੂੰ ਫਰੀਦਕੋਟ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਸੀ। ਸੰਦੀਪ ਸਿੰਘ ਨੂੰ ਸ਼ਨੀਵਾਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ। ਟੈਸਟ ਵਿੱਚ ਉਸ ਦੀ ਰਿਪੋਰਟ ਪਾਜ਼ੀਟਿਵ ਆਈ। ਅੱਜ ਸਵੇਰੇ ਉਸ ਨੇ ਹਸਪਤਾਲ ਦੀ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।
ਮ੍ਰਿਤਕ ਦੀ ਪਤਨੀ ਰੰਜੀਤ ਕੌਰ ਅਤੇ ਰਿਸ਼ਤੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤ ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਸੰਦੀਪ ਸਿੰਘ ਦੀ ਹਾਲਤ ਖਰਾਬ ਹੈ ਅਤੇ ਉਸ ਨੂੰ ਵੈਂਟੀਲੇਟਰ ’ਤੇ ਰਖਣਾ ਪਏਗਾ। ਇਸ ਤੋਂ ਬਾਅਦ ਉਨ੍ਹਾਂ ਨੇ ਦਵਾਈ ਮੰਗਵਾਈ ਪਰ ਸਵੇਰੇ ਪੰਜ ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕੇ ਉਸ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਇਸ ’ਤੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ’ਤੇ ਦੋਸ਼ ਲਗਾਏ ਹਨ। ਇਸ ਦੌਰਾਨ ਤਹਿਸੀਲਦਾਰ ਨੇ ਕਿਹਾ ਕਿ ਮ੍ਰਿਤਕ ਦੇ ਬਿਆਨ ਲਿਖਣ ਤੋਂ ਬਾਅਦ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ।