Supreme Court stays Sumedh : ਨਵੀਂ ਦਿੱਲੀ : ਬਲਵੰਤ ਸਿੰਘ ਮੁਲਤਾਨੀ ਦੇ 29 ਸਾਲ ਪੁਰਾਣੇ ਅਗਵਾ ਅਤੇ ਕਤਲ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ 4 ਹਫਤਿਆਂ ਲਈ ਨੋਟਿਸ ਜਾਰੀ ਕਰਦੇ ਹੋਏ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਸੈਣੀ ਦੀ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ, “ਇਹ ਕੇਸ 1991 ਦਾ ਹੈ। 30 ਸਾਲਾਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਜਲਦਬਾਜ਼ੀ ਹੈ… ਅਸੀਂ ਤੁਹਾਨੂੰ ਜਵਾਬ ਦਾਖਲ ਕਰਨ ਲਈ ਸਮਾਂ ਦੇਵਾਂਗੇ,” ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਅਗਲੇ ਹੁਕਮਾਂ ਤੱਕ ਉਹ ਗ੍ਰਿਫਤਾਰ ਨਹੀਂ ਕੀਤੇ ਜਾਣਗੇ। ਹਾਲਾਂਕਿ, ਸੁਪਰੀਮ ਕੋਰਟ ਨੇ ਸੈਣੀ ਨੂੰ ਜਾਂਚ ਵਿਚ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਲਈ ਕਿਹਾ ਹੈ।
ਦੱਸਣਯੋਗ ਹੈ ਕਿ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫਤਾਰੀ ਨੂੰ ਲੈਕੇ ਜਿਥੇ ਐਸਆਈਟੀ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ, ਉਥੇ ਹੀ ਸ਼ਨੀਵਾਰ ਨੂੰ ਮੋਹਾਲੀ ਕੋਰਟ ਨੇ ਸੁਮੇਧ ਸੈਣੀ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਸਨ ਅਤੇ 25 ਸਤੰਬਰ ਤਕ ਸੈਣੀ ਨੂੰ ਗ੍ਰਿਫਤਾਰ ਕਰਕੇ ਕੋਰਟ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ ਬਲਵੰਤ ਸਿੰਘ ਮੁਲਤਾਨੀ ਕਤਲ ਮਾਮਲੇ ਵਿੱਚ ਹਾਈਕੋਰਟ ਤੋਂ ਜ਼ਮਾਨਤ ਪਟੀਸ਼ਨ ਖਾਰਿਜ ਹੋਣ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਗ੍ਰਿਫਤਾਰੀ ਤੋਂ ਬੱਚਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਲਗਾਈ ਸੀ, ਜੋਕਿ ਜ਼ਰੂਰੀ ਦਸਤਾਵੇਜ਼ਾਂ ਦੀ ਘਾਟ ਕਾਰਨ ਸਵੀਕਾਰ ਨਹੀਂ ਹੋ ਸਕੀ ਸੀ। ਅੱਜ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਤੋਂ ਬਾਅਦ ਹੁਣ ਸੈਣੀ ਦੀ ਗ੍ਰਿਫਤਾਰੀ ‘ਤੇ ਮੁੜ ਰੋਕ ਲੱਗ ਗਈ ਹੈ।
ਜ਼ਿਕਰਯੋਗ ਹੈ ਕਿ ਇਹ ਮਾਮਲਾ 1991 ਦਾ ਹੈ, ਜਦੋਂ ਸਾਬਕਾ ਡੀਜੀਪੀ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸੀ। ਇਸ ਦੌਰਾਨ ਉਨ੍ਹਾਂ ’ਤੇ ਇਕ ਅੱਤਵਾਦੀ ਹਮਲਾ ਹੋਇਆ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੇ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਜ਼ਬਰਦਸਤੀ ਚੁੱਕਵਾਇਆ ਸੀ, ਜਿਸ ਤੋਂ ਬਾਅਦ ਉਹ ਵਾਪਿਸ ਘਰ ਨਹੀਂ ਆਇਆ ਤੇ ਪੁਲਿਸ ਨੇ ਉਸ ਨੂੰ ਫਰਾਰ ਕਰਾਰ ਦਿੱਤਾ ਸੀ, ਜਦਕਿ ਉਸ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਉਸ ਦੀ ਹਿਰਾਸਤ ਵਿੱਚ ਮੌਤ ਹੋਈ ਹੈ।