D. C. Instructs : ਅੰਮ੍ਰਿਤਸਰ : ਕੋਰੋਨਾ ਦਾ ਕਹਿਰ ਸੂਬੇ ‘ਚ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਬਹੁਤ ਤੇਜ਼ੀ ਨਾਲ ਕੋਰੋਨਾ ਦੇ ਪਾਜੀਟਿਵ ਕੇਸ ਸਾਹਮਣੇ ਆ ਰਹੇ ਹਨ। ਜਿਲ੍ਹਾ ਅੰਮ੍ਰਿਤਸਰ ਤੋਂ ਕੋਰੋਨਾ ਦੇ ਕੇਸ ਬਹੁਤ ਵੱਡੀ ਗਿਣਤੀ ‘ਚ ਦੇਖਣ ਨੂੰ ਮਿਲ ਰਹੇ ਹਨ ਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਕੋਰੋਨਾ ਨੂੰ ਖਤਮ ਕਰਨ ਦੇ ਮਕਸਦ ਨਾਲ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਹੁਣ ਸਾਰੇ ਸਰਕਾਰੀ ਦਫਤਰਾਂ ਨੂੰ ਆਪਣੇ ਮੁਲਾਜ਼ਮਾਂ ਦਾ ਕੋਵਿਡ-19 ਟੈਸਟ ਕਰਵਾਉਣ ਦੀ ਹਦਾਇਤ ਕੀਤੀ ਹੈ। ਆਪਣੀ ਹਦਾਇਤ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਦਾ ਰੋਜ਼ਾਨਾ ਆਮ ਲੋਕਾਂ ਨਾਲ ਸਿੱਧਾ ਰਾਬਤਾ ਪੈਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਉਹ ਕੋਰੋਨਾ ਤੋਂ ਬਚੇ ਰਹਿਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇੱਕ ਕਰਮਚਾਰੀ ਨੂੰ ਕੋਰੋਨਾ ਹੁੰਦਾ ਹੈ ਤਾਂ ਉਹ ਅੱਗੋਂ ਸਾਰੇ ਦਫਤਰ ਅਤੇ ਦਫਤਰ ਆਉਣ ਵਾਲੇ ਸੈਂਕੜੇ ਲੋਕਾਂ ਤੱਕ ਲਾਗ ਫੈਲਾਉਣ ਦਾ ਕਾਰਨ ਬਣ ਸਕਦੀ ਹੈ, ਇਸ ਲਈ ਇਨ੍ਹਾਂ ਕਰਮਚਾਰੀਆਂ ਦੇ Covid-19 ਟੈਸਟ ਜ਼ਰੂਰ ਹੋਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਸਾਰੇ ਦਫਤਰਾਂ ਨੂੰ ਜਾਰੀ ਕੀਤੇ ਪੱਤਰ ਵਿਚ ਕਿਹਾ ਕਿ ਉਹ ਆਪਣੇ ਸਾਰੇ ਕਰਮਚਾਰੀ, ਜਿਸ ਵਿਚ ਦਰਜਾ ਚਾਰ ਤੱਕ ਦੇ ਕਰਮਚਾਰੀ ਵੀ ਸ਼ਾਮਿਲ ਹਨ, ਦਾ ਕੋਵਿਡ-19 ਦਾ RTPCR ਟੈਸਟ 25 ਸਤੰਬਰ ਤੱਕ ਕਰਵਾ ਕੇ ਲਿਖਤੀ ਰਿਪੋਰਟ ਡਿਪਟੀ ਕਮਿਸ਼ਨਰ ਦਫਤਰ ਭੇਜਣ। ਜਿਲਾ ਪ੍ਰਸ਼ਾਸਨ ਨੇ ਪਹਿਲਾਂ ਵਪਾਰਕ ਸਥਾਨਾਂ, ਜਿੱਥੇ ਕਿ ਲੋਕਾਂ ਦਾ ਆਉਣਾ-ਜਾਣਾ ਆਮ ਰਹਿੰਦਾ ਹੈ, ਦੇ ਮਾਲਕਾਂ ਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਹੈ। ਖਹਿਰਾ ਨੇ ਇਸ ਦੀ ਸ਼ੁਰੂਆਤ ਆਪਣਾ ਟੈਸਟ ਕਰਵਾ ਕੇ ਬੀਤੇ ਦਿਨੀਂ ਕਰ ਦਿੱਤੀ ਸੀ।। ਉਸ ਮਗਰੋਂ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ, ਕਮਿਸ਼ਨਰ ਕਾਰਪੋਰੇਸ਼ਨ ਸ਼੍ਰੀਮਤੀ ਕੋਮਲ ਮਿੱਤਲ ਅਤੇ ਹੋਰ ਅਧਿਕਾਰੀਆਂ ਨੇ ਵੀ ਆਪਣੇ ਕਰੋਨਾ ਟੈਸਟ ਕਰਵਾਏ ਸਨ।