511 Corona Cases : ਚੰਡੀਗੜ੍ਹ ’ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਕੋਰੋਨਾ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 260 ਨਵੇਂ ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ 353 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਡਿਸਚਾਰਜ ਕੀਤਾ ਗਿਆ। ਉਥੇ ਪੰਚਕੂਲਾ ਵਿੱਚ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ, ਜਦਿਕ 251 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਪੰਚਕੂਲਾ ਨਾਗਰਿਕ ਹਸਪਤਾਲ ਵਿੱਚ ਡਾ. ਮਨਕੀਰਤ ਨੇ ਕੀਤੀ।
ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸੈਕਟਰ-43 ਦੀ ਇੱਕ 60 ਸਾਲਾ ਔਰਤ, ਸੈਕਟਰ-52 ਦੀ 15 ਸਾਲਾ ਬੱਚੀ, ਸੈਕਟਰ-46 ਦੇ 70 ਸਾਲਾ ਵਿਅਕਤੀ ਅਤੇ ਸੈਕਟਰ-30 ਦੀ 71 ਸਾਲਾ ਔਰਤ ਨੇ ਕੋਰੋਨਾ ਦੇ ਚੱਲਦਿਆਂ ਦਮ ਤੋੜ ਦਿੱਤਾ। ਬੀਤੇ ਦਿਨ ਵੀ ਸ਼ਹਿਰ ਵਿੱਚ ਕੋਰੋਨਾ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ ਸੀ। ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਹੁਣ ਤੱਕ ਕੋਰੋਨਾ ਦੇ 9506 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 2978 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਸ਼ਹਿਰ ਵਿੱਚ 6415 ਲੋਕਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਉਥੇ ਹੀ ਇਸ ਮਾਹਮਾਰੀ ਨਾਲ ਹੁਣ ਤੱਕ 110 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਜਾੜੀ ਅੰਕੜਿਆਂ ਮੁਤਾਬਕ ਹੁਣ ਤੱਕ ਸ਼ਹਿਰ ਵਿੱਚੋਂ 58937 ਲੋਕਾਂ ਦੇ ਸੈਂਪਲ ਟੈਸਟਿੰਗ ਲਈ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 49088 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। 167 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।