All schools colleges : ਚੰਡੀਗੜ੍ਹ : ਪੰਜਾਬ ‘ਚ ਪਹਿਲਾਂ 21 ਸਤੰਬਰ ਤੋਂ ਸਕੂਲ ਖੁੱਲ੍ਹਣ ਦੇ ਕਿਆਸ ਲਗਾਏ ਜਾ ਰਹੇ ਸਨ ਪਰ ਹੁਣ ਅਨਲਾਕ-4 ਤਹਿਤ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ 30 ਸਤੰਬਰ ਤਕ ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ, ਇਸ ਲਈ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲੱਗਣਗੀਆਂ ਅਤੇ ਸਕੂਲਾਂ ‘ਚ 50 ਫੀਸਦੀ ਸਟਾਫ ਬੁਲਾਇਆ ਜਾ ਸਕਦਾ ਹੈ ਤਾਂ ਜੋ ਸਕੂਲ ‘ਚ ਆ ਕੇ ਬੱਚਿਆਂ ਦੀ ਪੜ੍ਹਾਈ ਨਾਲ ਸਬੰਧਤ ਜ਼ਰੂਰੀ ਕੰਮ ਕਰ ਸਕਣ। ਇਹ ਨਵੇਂ ਦਿਸ਼ਾ-ਨਿਰਦੇਸ਼ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਬੱਚਿਆਂ ਦੀ ਜ਼ਿੰਦਗੀ ਸਭ ਤੋਂ ਮਹੱਤਵਪੂਰਨ ਹੈ।
ਸੂਬੇ ‘ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਅਜੇ ਘਟਣ ਦਾ ਨਾਂ ਨਹੀਂ ਲੈ ਰਿਹਾ। ਇਸੇ ਨੂੰ ਧਿਆਨ ‘ਚ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਨਵੇਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੁਣ ਓਪਨ ਏਅਰ ਥੀਏਟਰ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਮਿਲ ਗਈ ਹੈ ਪਰ ਉਥੇ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨਾ ਲਾਜ਼ਮੀ ਹੋਵੇਗਾ ਤੇ ਮਾਸਕ ਵੀ ਪਾਉਣਾ ਜ਼ਰੂਰੀ ਹੋਵੇਗਾ। ਮੁੱਖ ਮੰਤਰੀ ਵੱਲੋਂ ਅਜੇ ਪੰਜਾਬ ‘ਚ ਪਾਰਕ, ਥੀਏਟਰ, ਸਿਨੇਮਾ ਹਾਲ, ਸਵੀਮਿੰਗ ਪੂਲ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।