Punjab Police seizes : ਫਿਰੋਜ਼ਪੁਰ : ਪੰਜਾਬ ਪੁਲਿਸ ਤੇ ਐਕਸਾਈਜ਼ ਵਿਭਾਗ ਵੱਲੋਂ ਪਿਛਲੇ ਕੁਝ ਸਮੇਂ ਤੋਂ ਨਾਜਾਇਜ਼ ਸ਼ਰਾਬ ਖਿਲਾਫ ਮੁਹਿੰਮ ਵਿੱਢੀ ਗਈ ਹੈ। ਇਸੇ ਅਧੀਨ ਗੁਪਤ ਸੂਚਨਾ ਜਾਂ ਡ੍ਰੋਨ ਦੀ ਮਦਦ ਨਾਲ ਪੰਜਾਬ ਪੁਲਿਸ ਵੱਲੋਂ ਵੱਡੀ ਗਿਣਤੀ ‘ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੇ ਲੋਕਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੱਜ ਵੀ ਜਿਲ੍ਹਾ ਫਿਰੋਜ਼ਪੁਰ ਤੋਂ ਐਕਸਾਈਜ਼ ਵਿਭਾਗ ਦੀ ਟੀਮ ਨੇ ਡਰੋਨ ਦੀ ਮਦਦ ਨਾਲ ਮੁਹਿੰਮ ਚਲਾਉਂਦੇ ਹੋਏ ਸਤੁਲਜ ਬਿਆਸ ਦਰਿਆ ਵਿਖੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਕੱਢੀ ਜਾ ਰਹੀ ਲਗਭਗ 3 ਲੱਖ ਲੀਟਰ ਲਾਹਣ, 15 ਡਰੰਮ ਨਾਜਾਇਜ਼ ਸ਼ਰਾਬ ਤੇ 100 ਤਰਪਾਲਾਂ ਬਰਾਮਦ ਕੀਤੀਆਂ ਗਈਆਂ ਹਨ।
ਆਬਕਾਰੀ ਵਿਭਾਗ ਦੇ ਈ. ਟੀ. ਓ. ਫਿਰੋਜ਼ਪੁਰ ਕਰਮਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਥੇ ਗੈਰ-ਕਾਨੂੰਨੀ ਸ਼ਰਾਬ ਦਾ ਧੰਦਾ ਵੱਡੇ ਪੱਧਰ ‘ਤੇ ਚੱਲ ਰਿਹਾ ਹੈ ਤੇ ਇਸੇ ਗੁਪਤ ਸੂਚਨਾ ਦੇ ਆਧਾਰ ‘ਤੇ ਐਕਸਾਈਜ਼ ਵਿਭਾਗ ਤੇ ਪੁਲਿਸ ਵੱਲੋਂ ਛਾਪਾ ਮਾਰਿਆ ਗਿਆ ਤੇ ਵੱਡੀ ਗਿਣਤੀ ‘ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਕਰਮਬੀਰ ਸਿੰਘ ਮੱਲ ਨੇ ਹੋਰ ਦੱਸਿਆ ਕਿ ਬਰਾਮਦ ਹੋਈ ਗੈਰ-ਕਾਨੂੰਨੀ ਸ਼ਰਾਬ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਤੇ ਹੋਰ ਸਾਮਾਨ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਵੱਲੋਂ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਵੱਲੋਂ ਇਸ ਤੋਂ ਪਹਿਲਾਂ ਵੀ ਨਕਲੀ ਸ਼ਰਾਬ ਬਣਾਉਣ ਵਾਲੇ ਬਹੁਤ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।