Sukhbir Badal Urges President : ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਨਾਲ ਸੰਬੰਧਤ ਬਿੱਲਾਂ ‘ਤੇ ਦਸਤਖਤ ਨਾ ਕਰਨ। ਉਨ੍ਹਾਂ ਇਨ੍ਹਾਂ ਬਿੱਲਾਂ ਨੂੰ ਮੁੜ ਵਿਚਾਰ ਲਈ ਸੰਸਦ ਵਿੱਚ ਵਾਪਿਸ ਭੇਜਣ ਦੀ ਬੇਨਤੀ ਕੀਤੀ। ਉਨ੍ਹਾਂ ਰਾਸ਼ਟਰਪਤੀ ਨੂੰ ਕਿਹਾ ਕਿ ਕਿਰਪਾ ਕਰਕੇ ਉਹ ਕਿਸਾਨੀ ਮਜ਼ਦੂਰਾਂ, ਆੜ੍ਹਤੀਆਂ, ਮੰਡੀ ਮਜ਼ਦੂਰਾਂ ਅਤੇ ਦਲਿਤਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਵਿੱਚ ਦੇਣ, ਨਹੀਂ ਤਾਂ ਕਿਸਾਨ ਸਾਨੂੰ ਕਦੇ ਮੁਆਫ ਨਹੀਂ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅੰਨਦਾਤਾ ਕਿਸਾਨਾਂ ਨੂੰ ਭੱਖੇ ਜਾਂ ਸੜਕਾਂ ’ਤੇ ਨਾ ਸੌਣ ਦਿਓ। ਬਿੱਲ ਪਾਸ ਹੋਣਾ ਦੇਸ਼ ਦੇ ਲੱਖਾਂ ਲੋਕਾਂ ਅਤੇ ਲੋਕਤੰਤਰ ਲਈ ਉਦਾਸੀ ਵਾਲਾ ਦਿਨ ਹੈ। ਲੋਕਤੰਤਰ ਦਾ ਅਰਥ ਹੈ ਸਹਿਮਤੀ, ਬਹੁਮਤ ਜ਼ੁਲਮ ਨਹੀਂ। ਦੱਸਣਯੋਗ ਹੈ ਕਿ ਰਾਜ ਸਭਾ ਵਿੱਚ ਅੱਜ ਦੋ ਵਿਵਾਦਾਂ ਭਰੇ ਖੇਤੀ ਨਾਲ ਸੰਬੰਧਤ ਬਿੱਲ ਪਾਸ ਕੀਤੇ ਗਏ, ਜਿਨ੍ਹਾਂ ਨੂੰ ਲੈ ਕੇ ਕਈ ਥਾਵਾਂ ‘ਤੇ ਕਿਸਾਨਾਂ ਦੁਆਰਾ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਖੇਤੀ ਨਾਲ ਸੰਬੰਧਤ ਇਹ ਦੋਵੇਂ ਬਿੱਲ ਵੀਰਵਾਰ ਨੂੰ ਲੋਕ ਸਭਾ ਵੱਲੋਂ ਪਾਸ ਕੀਤੇ ਗਏ। ਅਕਾਲੀ ਦਲ ਸਣੇ ਕਈ ਵਿਰੋਧੀ ਪਾਰਟੀਆਂ ਵੱਲੋਂ ਸੈਸ਼ਨ ਵਿੱਚ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ ਗਿਆ। ਇਸੇ ਦੇ ਵਿਰੋਧ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਬਨਿਟ ਤੋਂ ਅਸਤੀਫਾ ਵੀ ਦੇ ਦਿੱਤਾ। ਦੋਵਾਂ ਬਿੱਲਾਂ ਨੂੰ ਰਾਜ ਸਭਾ ਦੀ ਚੋਣ ਕਮੇਟੀ ਨੂੰ ਵਧੇਰੇ ਪੜਤਾਲ ਲਈ ਭੇਜਣ ਦੀ ਮੰਗ ਨੂੰ ਵੀ ਰੱਦ ਕਰ ਦਿੱਤਾ ਗਿਆ। ਬਿੱਲਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਨ੍ਹਾਂ ਬਿੱਲਾਂ ਨੂੰ ਹੁਣ ਮਨਜ਼ੂਰੀ ਲਈ ਭਾਰਤ ਦੇ ਰਾਸ਼ਟਰਪਤੀ ਨੂੰ ਭੇਜਿਆ ਜਾਣਾ ਹੈ।