Strict adherence to the Covid Protocol : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸੁਰੱਖਿਆ ਸਬੰਧੀ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਅਤੇ ਲੋਕ ਚੇਤਨਾ ਮੁਹਿੰਮ ਨੂੰ ਸੂਬੇ ਭਰ ਵਿੱਚ ਮਜ਼ਬੂਤ ਕੀਤੇ ਜਾਣ ਦੇ ਹੁਕਮ ਦਿੱਤੇ। ਉਨ੍ਹਾਂ ਕੋਵਿਡ ਸੁਰੱਖਿਆ ਬਾਰੇ ਨਿਯਮਾਂ ਅਤੇ ਪ੍ਰੋਟੋਕਾਲ ਦੀ ਲੋਕਾਂ ਵੱਲੋਂ ਕੀਤੀ ਜਾ ਰਹੀ ਲਗਾਤਾਰ ਉਲੰਘਣਾ ਉੱਤੇ ਚਿੰਤਾ ਪ੍ਰਗਟਾਈ।
ਸੂਬੇ ਵਿੱਚ ਗੰਭੀਰ ਸਥਿਤੀ ਦੇ ਬਾਵਜੂਦ ਲੋਕਾਂ ਵੱਲੋਂ ਮਾਸਕ ਨਾ ਪਾਏ ਜਾਣ ਅਤੇ ਸੜਕਾਂ ਉੱਤੇ ਥੁੱਕਣੋਂ ਨਾ ਹਟਣ, ਦਾ ਸਖ਼ਤ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਜੋ ਵੀ ਨਿਯਮ ਤੋੜਦਾ ਪਾਇਆ ਜਾਂਦਾ ਹੈ, ਉਸ ਨੂੰ ਸਜ਼ਾ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਇਹ ਨਹੀਂ ਜਾਣਦਾ ਕਿ ਇਹ ਸੰਕਟ ਕਾਲ ਕਿੰਨੀ ਦੇਰ ਤੱਕ ਚੱਲੇਗਾ ਜਾਂ ਅਸਲ ਵਿੱਚ ਇਸ ਮਹਾਂਮਾਰੀ ਦੇ ਬੁਰੇ ਪ੍ਰਭਾਵ ਕੀ ਹਨ। ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਮੱਸਿਆ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕੀਤੀਆਂ ਜਾਣ।
ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਕੋਲ ਪਾਬੰਦੀਆਂ ਖੋਲ੍ਹਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ ਪਰ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ। ਉਨ੍ਹਾਂ ਨੇ ਮਾਮਲਿਆਂ ਦੀ ਮੌਤ ਦੀ ਦਰ ਹੇਠਾਂ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ ਜੋਕਿ ਪੰਜਾਬ ਵਿੱਚ ਕੌਮੀ ਔਸਤ ਨਾਲੋਂ ਵੱਧ ਹੈ। ਦੱਸਣਯੋਗ ਹੈ ਕਿ ਸੂਬੇ ਦੀਆਂ 5300 ਪੰਚਾਇਤਾਂ ਵੱਲੋਂ ਕੋਵਿਡ ਜਾਂਚ ਦੀ ਹਮਾਇਤ ਵਿੱਚ ਮਤੇ ਪਾਸ ਕੀਤੇ ਗਏ ਹਨ, ਜਿਸ ‘ਤੇ ਮੁੱਖ ਮੰਤਰੀ ਨੇ ਤਸੱਲੀ ਪ੍ਰਗਟ ਕੀਤੀ। ਡੀਜੀਪੀ ਦਿਨਕਰ ਨੇ ਇਸ ਮੌਕੇ ਦੱਸਿਆ ਕਿ ਹੁਣ ਤੱਕ ਕੋਵਿਡ ਦੌਰਾਨ ਡਿਊਟੀ ਨਿਭਾਉਂਦੇ ਹਏ ਪੰਜਾਬ ਵਿੱਚ 1233 ਪੁਲਿਸ ਮੁਲਾਜ਼ਮ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 86 ਦੀ ਮੌਤ ਹੋ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਮੁਆਵਾਜ਼ਾ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਦੀ ਵੰਡ ਨੋਡਲ ਅਫਸਰਾਂ, ਜਿਨ੍ਹਾਂ ਦੀ ਨਿਯੁਕਤੀ ਜਾਰੀ ਹੈ, ਵੱਲੋਂ ਕੀਤੀ ਜਾਵੇਗੀ।