Patiala Police to donate : ਪਟਿਆਲਾ : ਪਟਿਆਲਾ ਪੁਲਿਸ ਵੱਲੋਂ ਕੋਵਿਡ ਮਹਾਂਮਾਰੀ ਨਾਲ ਲੜਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਪੁਲਿਸ ਅਤੇ ਹੋਮ ਗਾਰਡਜ ਦੇ ਕੋਰੋਨਾ ਜੋਧਿਆਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਇਕ ਸ਼ਲਾਘਾਯੋਗ ਫੈਸਲਾ ਲਿਆ ਗਿਆ ਹੈ, ਜਿਸ ਅਧੀਨ ਪੁਲਿਸ ਮੁਲਾਜ਼ਮ ਆਪਣੇ ਇੱਕ ਦਿਨ ਦੀ ਤਨਖਾਹ ‘ਏਕਤਾ ਫੰਡ’ ਵਿੱਚ ਦੇਣਗੇ। ਇਸ ਨਾਲ ਇਕੱਠੀ ਹੋਈ ਰਕਮ ਨੂੰ ਕੋਰੋਨਾ ਜੋਧਿਆਂ ਦੇ ਪਰਿਵਾਰਾਂ ਲਈ ਖਰਚ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪਟਿਆਲਾ ਪੁਲਿਸ ਦੇ ਕਰੀਬ 4000 ਜਵਾਨਾਂ ਅਤੇ ਅਧਿਕਾਰੀਆਂ ਵੱਲੋਂ ਪਾਸ ਕੀਤੇ ਗਏ ਮਤੇ ਮੁਤਾਬਕ ਇਹ ਫੈਸਲਾ ਕੀਤਾ ਗਿਆ ਹੈ ਕਿ ਏਕਤਾ ਫੰਡ ਵਿੱਚੋਂ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਕੋਰੋਨਾ ਨਾਲ ਲੜਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਜੋਧਿਆਂ ਦੇ ਪਰਿਵਾਰਾਂ ਨੂੰ ਸੌਂਪੀ ਜਾਵੇਗੀ।
ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਕਰਮਜੀਤ ਦੁੱਗਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਮਹਾਂਮਾਰੀ ਨਾਲ ਲੜਦਿਆਂ ਆਪਣੀ ਜਾਨ ਗਵਾਉਣ ਵਾਲੇ ਕੋਰੋਨਾ ਯੋਧਿਆਂ ਦੀ ਮਦਦ ਲਈ ਇਹ ਫੰਡ ਇਕੱਠਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਪੰਜਾਬ ਹੋਮ ਗਾਰਡ ਦਾ ਇੱਕ ਜਵਾਨ ਦਰਸ਼ਨ ਸਿੰਘ 14 ਸਤੰਬਰ 2020 ਨੂੰ ਪਾਜ਼ੀਟਿਵ ਪਾਇਆ ਗਿਆ ਸੀ, ਜਿਸ ਦੀ 16 ਸਤੰਬਰ ਨੂੰ ਮੌਤ ਹੋ ਗਈ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਿਆ ਹੈ। ਪੁਲਿਸ ਵੱਲੋਂ ਇਸ ਹੋਮ ਗਾਰਡ ਦੇ ਜਵਾਨ ਦੇ ਪਰਿਵਾਰ ਦੀ ਵੀ ਪੂਰੀ ਮਦਦ ਕੀਤੀ ਜਾਵੇਗੀ।