dc peoples cooperate control corona: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ‘ਚ ਹੁਣ ਕੋਰੋਨਾਵਾਇਰਸ ਦੇ ਘੱਟ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ, ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਤੇ ਦਿਨ ਭਾਵ ਬੁੱਧਵਾਰ ਨੂੰ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਫੇਸਬੁੱਕ ਪੇਜ ਰਾਹੀਂ ਲੋਕਾਂ ਨਾਲ ਰੂਬਰੂ ਹੋਏ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਭਰ ‘ਚ ਹੁਣ ਤੱਕ 2,40,783 ਤੱਕ ਕੋਰੋਨਾ ਟੈਸਟ ਕਰਵਾਏ ਗਏ ਹਨ, ਜਿਸ ‘ਚੋਂ 16783 ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਸੀ। ਇਨ੍ਹਾਂ ‘ਚੋਂ 14,583 ਲੋਕ ਸਿਹਤਯਾਬ ਹੋ ਚੁੱਕੇ ਹਨ।
ਡੀ.ਸੀ ਵੱਲੋਂ ਲੁਧਿਆਣਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਡੇ ਲਈ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕੀਤੀ ਅਪੀਲ ਨੂੰ ਖਿੜੇ ਮੱਥੇ ਕੂਬਲਿਆ ਅਤੇ ਸ਼ਰਾਰਤੀ ਅਨਸਰਾਂ ਵਲੋਂ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਨੂੰ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਸੂਝਵਾਨਾਂ ਲੋਕਾਂ ਦੇ ਸਹਿਯੋਗ ਸਦਕਾ ਢਾਈ ਲੱਖ ਦੇ ਕਰੀਬ ਟੈਸਟ ਕਰ ਚੁੱਕੇ ਹਾਂ ਅਤੇ ਰੋਜ਼ਾਨਾ ਕਰੀਬ 5 ਹਜ਼ਾਰ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾਂਦੇ ਹਨ। ਲੋਕਾਂ ਦੇ ਸਹਿਯੋਗ ਸਦਕਾ ਇਸ ਮਹਾਮਾਰੀ ‘ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਮੌਜੂਦਾ ਸਮੇਂ ‘ਚ ਟੈਸਟਾਂ ਦੀ ਗਿਣਤੀ 5 ਹਜ਼ਾਰ ਤੋਂ ਵੱਧ ਹੈ ਅਤੇ ਅੋਸਤਨ ਰੋਜ਼ਾਨਾ 180 ਦੇ ਕਰੀਬ ਮਰੀਜ਼ ਪਾਜ਼ੀਟਿਵ ਆ ਰਹੇ ਹਨ, ਜੋ ਕਿ 4 ਫ਼ੀਸਦੀ ਦੇ ਕਰੀਬ ਬਣਦੇ ਹਨ।
ਡਿਪਟੀ ਕਮਿਸ਼ਨਰ ਨੇ ਸ਼ਹਿਵਾਸੀਆਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀ ‘ਤੇ ਕਾਬੂ ਪਾਉਣ ਲਈ ਘਰਾਂ ਦੀਆਂ ਛੱਤਾਂ, ਸਜਾਵਟੀ ਗਮਲਿਆਂ, ਪੁਰਾਣੇ ਟਾਇਰਾਂ, ਕੂਲਰਾਂ ਆਦਿ ‘ਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਹਰ ਸ਼ੁੱਕਰਵਾਰ ‘ਡਰਾਈ ਡੇਅ’ ਵਜੋਂ ਮਨਾਇਆ ਜਾਵੇ।
ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਆਰਡੀਨੈਂਸਾਂ ਵਿਰੁੱਧ ਪ੍ਰਦਰਸ਼ਨ ਕਰਨ ਸਮੇਂ ਕੋਰੋਨਾ ਮਹਾਮਾਰੀ ਦੀਆਂ ਹਦਾਇਤਾ ਦੀ ਪਾਲਣਾ ਕਰਨੀ ਯਕੀਨੀ ਬਣਾਉਣ, ਤਾਂ ਜੋ ਰੋਸ ਪ੍ਰਗਟਾਉਣ ਦੇ ਨਾਲ-ਨਾਲ ਕੋਰੋਨਾ ਮਹਾਂਮਰੀ ਤੋਂ ਵੀ ਬਚਿਆ ਜਾ ਸਕੇ । ਉਨ੍ਹਾਂ ਕਿਹਾ ਕਿ ਲੋਕਤੰਤਰ ‘ਚ ਸਭ ਨੂੰ ਆਪਣਾ ਪੱਖ ਰੱਖਣ ਦਾ ਅਧਿਕਾਰ ਹੈ ਪੰਜਾਬ ਸਰਕਾਰ ਵਲੋਂ ਵੀ ਕਿਸਾਨਾ ਦਾ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪਰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਆਪਣੀ ਸਿਹਤ ਦਾ ਵੀ ਪੂਰਾ ਖਿਆਲ ਰੱਖਿਆ ਜਾਵੇ, ਮਾਸਕ ਪਾਏ ਜਾਣ, ਹੱਥ ਸਾਬਣ ਨਾਲ ਵਾਰ-ਵਾਰ ਧੋਣ, ਐਬੂਲੈਂਸ ਵੈਨਾਂ ਅਤੇ ਆਕਸੀਜ਼ਨ ਦੀ ਸਪਲਾਈ ਕਰਨ ਵਾਲੇ ਵਹੀਕਲਾਂ ਨੂੰ ਨਾ ਰੋਕਿਆ ਜਾਵੇ।