Admission should be given : ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਕਿਸੇ ਵੀ ਸਥਿਤੀ ਵਿਚ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਇਨਕਾਰ ਨਾ ਕਰਨ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ। ਇਹ ਹਿਦਾਇਤਾਂ ਕੁਝ ਬੱਚਿਆਂ ਦੇ ਮਾਪਿਆਂ ਵੱਲੋਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਹਾਈ ਇਨਰੋਲਮੈਂਟ ਅਤੇ ਬੁਨਿਆਦੀ ਢਾਂਚੇ ਦੀ ਘਾਟ ਦੇ ਬਹਾਨਾ ਲਗਾ ਕੇ ਉਨ੍ਹਾਂ ਦੇ ਬੱਚਿਆਂ ਨੂੰ ਦਾਖਲਾ ਦੇਣ ਤੋਂ ਤੋਂ ਮਨ੍ਹਾ ਕਰ ਦਿੱਤਾ ਗਿਆ ਹੈ। ਇਸ ਸੰਦਰਭ ਵਿੱਚ ਸਕੂਲ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਸੂਬੇ ਦੇ ਸਮੂਹ ਡੀਈਓ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਹਦਾਇਤ ਕੀਤੀ ਕਿ ਉਹ ਕਿਸੇ ਵੀ ਹਾਲਤ ਵਿੱਚ ਸਰਕਾਰੀ ਸਕੂਲਾਂ ਵਿੱਚ ਚਾਹਵਾਨਾਂ ਨੂੰ ਦਾਖਲਾ ਦੇਣ।
ਉਨ੍ਹਾਂ ਬੁਨਿਆਦੀ ਢਾਂਚੇ ਦੀ ਘਾਟ ਦੇ ਮਾਮਲੇ ਵਿੱਚ ਸਥਾਨਕ ਪੱਧਰ ’ਤੇ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਸਕੂਲਾਂ ਨੂੰ ਡਬਲ ਸ਼ਿਫਟ ਵਿੱਚ ਸ਼ੁਰੂ ਕਰਨ ਲਈ ਪ੍ਰਸਤਾਵ ਭੇਜਣ ਲਈ ਵੀ ਕਿਹਾ ਗਿਆ ਹੈ ਜਿਥੇ ਵਿਦਿਆਰਥੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਸਨ ਕਿ ਉਹ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲੈਣ ਲਈ ਮਜਬੂਰ ਨਾ ਕਰਨ ਅਤੇ ਸਕੂਲ ਮੁਖੀਆਂ ਨੂੰ ਆਪਣੇ ਪੱਧਰ ’ਤੇ ਅਜਿਹੇ ਵਿਦਿਆਰਥੀਆਂ ਨੂੰ ਦਾਖਲਾ ਦੇਣ ਲਈ ਕਿਹਾ। ਇਸ ਦੇ ਨਾਲ ਹੀ ਸਕੂਲ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਿਖਤੀ ਬੇਨਤੀ ਲਈ ਜਾਵੇ ਜਿਨ੍ਹਾਂ ਕੋਲ ਟਰਾਂਸਫਰ ਸਰਟੀਫਿਕੇਟ ਨਹੀਂ ਹਨ।