Fake message regarding : ਸ਼ੋਸ਼ਲ ਮੀਡੀਆ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਝੂਠੀਆਂ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਅਕਸਰ ਗੁੰਮਰਾਹ ਕਰਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਅਜਿਹੀਆਂ ਹੀ ਅਫਵਾਹਾਂ ਅੱਜ ਵੀ ਸੋਸ਼ਲ ਮੀਡੀਆ ’ਤੇ ਦੇਖਣ ਨੂੰ ਮਿਲ ਰਹੀਆਂ ਹਨ, ਜਿਸ ਵਿੱਚ ਅੱਜ ਸ਼ਾਮ ਤੋਂ ਕੱਲ੍ਹ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣ ਬਾਰੇ ਕਿਹਾ ਗਿਆ ਹੈ। ਇਸ ਦੇ ਨਾਲ ਹੀ ਬੰਦ ਦੌਰਾਨ ਸੂਬੇ ਵਿੱਚ ਟਰਾਂਸਪੋਰਟ ਠੱਪ ਰਹਿਣ ਬਾਰੇ ਵੀ ਅਫਵਾਹ ਫੈਲਾਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਅਜਿਹੀਆਂ ਅਫਵਾਹਾਂ ਬਾਰੇ ਲੋਕਾਂ ਨੂੰ ਚੌਕਸ ਕਰਦੇ ਹੋਏ ਦੱਸਿਆ ਹੈ ਕਿ ਇਹ ਬਿਲਕੁਲ ਗਲਤ ਹਨ। ਉਨ੍ਹਾਂ ਅਜਿਹੀਆਂ ਗਲਤ ਖਬਰਾਂ ਨਾ ਫੈਲਾਉਣ ਦੀ ਅਪੀਲ ਕਰਦਿਆਂ ਲੋਕਾਂ ਨੂੰ ਇਨ੍ਹਾਂ ਅਫਵਾਹਾਂ ਤੋਂ ਦੂਰ ਰਹਿਣ ਲਈ ਕਿਹਾ। ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਜਾਂਚ-ਪੜਤਾਲ ਕੀਤੇ ਅਜਿਹੇ ਸੰਦੇਸ਼ਾਂ ਨੂੰ ਸੋਸ਼ਲ ਮੀਡੀਆ ’ਤੇ ਅੱਗੇ ਫਾਰਵਰਡ ਨਾ ਕੀਤਾ ਜਾਵੇ।
ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਇਸ ਸੰਦੇਸ਼ ਵਿੱਚ ਲਿਖਿਆ ਹੈ ਕਿ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਕਿਹਾ ਗਿਆ ਹੈ ਕਿ ਅੱਜ ਸ਼ਾਮ 5 ਵਜੇ ਤੋਂ ਲੈ ਕੇ ਕੱਲ੍ਹ ਰਾਤ 11 ਵਜੇ ਤੱਕ ਇੰਟਰਨੈੱਟ ਸੇਵਾਵਾਂ ਨਹੀਂ ਚੱਲਣਗੀਆਂ । ਇਸ ਤੋਂ ਇਲਾਵਾ ਬੰਦ ਦੌਰਾਨ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬੱਚਣ ਲਈ ਸਾਰੇ ਨਿੱਜੀ ਤੇ ਸਰਕਾਰੀ ਟਰਾਂਸਪੋਰਟ ਵੀ ਨਹੀਂ ਚੱਲਣਗੇ। ਪੰਜਾਬ ਪੁਲਿਸ ਨੇ ਇਸ ਸੰਦੇਸ਼ ਨੂੰ ਗਲਤ ਦੱਸਦਿਆਂ ਲੋਕਾਂ ਨੂੰ ਅੱਗੇ ਨਾ ਫੈਲਾਉਣ ਦੀ ਅਪੀਲ ਕੀਤੀ ਹੈ।