Delhi deputy CM Manish Sisodia: ਕੋਵਿਡ-19 ਤੋਂ ਬਾਅਦ ਡੇਂਗੂ ਦਾ ਸ਼ਿਕਾਰ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਬੁੱਧਵਾਰ ਦੀ ਰਾਤ ਨੂੰ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਹਸਪਤਾਲ ਤੋਂ ਸਾਕੇਤ ਦੇ ਮੈਕਸ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ ਹੈ। ਆਕਸੀਜਨ ਦਾ ਪੱਧਰ ਘੱਟ ਹੋਣ ਕਾਰਨ ਉਨ੍ਹਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ। ਸਿਸੋਦੀਆ ਦੇ ਪਲੇਲੈਟਸ ਲਗਾਤਾਰ ਘੱਟ ਰਹੇ ਹਨ।
ਦਰਅਸਲ, ਇਸ ਤੋਂ ਪਹਿਲਾਂ ਬੁਖਾਰ ਅਤੇ ਆਕਸੀਜਨ ਦਾ ਪੱਧਰ ਘੱਟ ਹੋਣ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਬੁੱਧਵਾਰ ਸ਼ਾਮ ਨੂੰ ਦਿੱਲੀ ਦੇ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ (LNJP ਹਸਪਤਾਲ) ਵਿੱਚ ਦਾਖਲ ਕਰਵਾਇਆ ਗਿਆ ਸੀ। ਪਰ ਸਥਿਤੀ ਨੂੰ ਵੇਖਦਿਆਂ ਉਨ੍ਹਾਂ ਨੂੰ ਸਾਕੇਤ ਦੇ ਮੈਕਸ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਸਬੰਧੀ ਉਪ ਮੁੱਖ ਮੰਤਰੀ ਦਫਤਰ ਨੇ ਵੀਰਵਾਰ ਰਾਤ ਨੂੰ ਜਾਣਕਾਰੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਇਹ ਦੱਸਿਆ ਗਿਆ ਸੀ ਕਿ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ,ਜਿਨ੍ਹਾਂ ਦਾ ਕੋਵਿਡ -19 ਲਾਗ ਦਾ ਇਲਾਜ ਚੱਲ ਰਿਹਾ ਹੈ, ਦੀ ਹਾਲਤ ਹੁਣ ਸਥਿਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੀ ਦੁਬਾਰਾ ਜਾਂਚ ਕੀਤੀ ਜਾਵੇਗੀ।
ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਕੋਰੋਨਾ ਵਾਇਰਸ ਦੀ ਲਾਗ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਆਈਸੋਲੇਸ਼ਨ ਵਿੱਚ ਰਹਿ ਰਹੇ ਸਨ, ਪਰ ਉਨ੍ਹਾਂ ਦੀ ਹਾਲਤ ਵਿਗੜ ਜਾਣ ‘ਤੇ ਬੁੱਧਵਾਰ ਨੂੰ ਉਨ੍ਹਾਂ ਨੂੰ LNJP ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ । ਇਸ ਬਾਰੇ ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਨੇ ਕਿਹਾ ਸੀ ਕਿ ਉਹ ICU ਵਿੱਚ ਹਨ, ਪਰ ਉਨ੍ਹਾਂ ਦੀ ਹਾਲਤ ਸਥਿਰ ਹੈ। ਮੰਤਰੀ ਨੂੰ ਆਕਸੀਜਨ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।