Captain lashes out : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ‘ਤੇ ਨਿਸ਼ਾਨਾ ਵਿਨ੍ਹਿਆ ਹੈ। ਕੈਪਟਨ ਨੇ ਕਿਹਾ ਕਿ ਤੋਮਰ 2017 ਦੇ ਪੰਜਾਬ ਕਾਂਗਰਸ ਦੇ ਘੋਸ਼ਣਾ ਪੱਤਰ ਨੂੰ ਚੰਗੀ ਤਰ੍ਹਾਂ ਪੜ੍ਹਨ ਅਤੇ ਇਸ ਤੋਂ ਬਾਅਦ ਹੀ ਇਸ ‘ਤੇ ਚਰਚਾ ਕਰਨ। ਉਨ੍ਹਾਂ ਨੇ ਇਸ ਘੋਸ਼ਣਾ ਪੱਤਰ ਨੂੰ ਲੈ ਕੇ ਜੋ ਟਿੱਪਣੀ ਕੀਤੀ ਹੈ, ਉਹ ਗਲਤ ਹੈ। ਤੋਮਰ ਨੇ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ 2017 ਦੇ ਘੋਸ਼ਣਾ ਪੱਤਰ ‘ਤੇ ਚਰਚਾ ਕਰਦੇ ਹੋਏ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਸੀ। ਅਮਰਿੰਦਰ ਨੇ ਤੋਮਰ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਝੂਠਾਂ ਦੀ ਗਠੜੀ ਦੱਸਿਆ।
ਕੈਪਟਨ ਨੇ ਕਿਹਾ ਕਿ ਖੇਤੀ ਤੇ ਕਿਸਾਨ ਕਲਿਆਣ ਮੰਤਰੀ ਦਾ ਇਹ ਸਾਰਾ ਬਿਆਨ ਬੇਤੁਕਾ ਅਤੇ ਝੂਧੇ ਦਾਅਵਿਆਂ ਤੇ ਇਲਜ਼ਾਮਾਂ ਤੋਂ ਬਗੈਰ ਹੋਰ ਕੁਝ ਵੀ ਨਹੀਂ ਹੈ। ਤੋਮਰ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਆਪਣੇ ਘੋਸ਼ਣਾ ਪੱਤਰ ‘ਚੇ APMC ਨੂੰ ਬਦਲੇ ਜਾਣ ਦੀ ਗੱਲ ਕਹੀ ਸੀ। ਇਸ ‘ਤੇ ਕੈਪਟਨ ਨੇ ਕਿਹਾ ਕਿ ਇਹ ਸਾਫ ਤੌਰ ‘ਤੇ ਜ਼ਾਹਿਰ ਹੁੰਦਾ ਹੈ ਕਿ ਕੇਂਦਰੀ ਮੰਤਰੀ ਨੇ ਪੰਜਾਬ ਕਾਂਗਰਸ ਦਾ 2017 ਦਾ ਐਲਾਨ ਪੱਤਰ ਪੜ੍ਹਨ ਦੀ ਕੋਸ਼ਿਸ਼ ਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਘੋਸ਼ਣਾ ਪੱਤਰ ‘ਚ ਸਾਫ ਤੌਰ ‘ਤੇ ਇਹ ਵਾਅਦਾ ਕੀਤਾ ਗਿਆ ਸੀ ਕਿ APMC ਐਕਟ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਜਿਸ ਨਾਲ ਕਿਸਾਨਾਂ ਨੂੰ ਡਿਜੀਟਲ ਤਕਨੀਕ ਦੁਆਰਾ ਮੌਜੂਦਾ MSP ਪ੍ਰਣਾਲੀ ਨਾਲ ਜ਼ਰਾ ਵੀ ਛੇੜਛਾੜ ਕੀਤੇ ਬਿਨਾਂ ਰਾਸ਼ਟਰੀ ਤੇ ਕੌਮਾਂਤਰੀ ਮੰਡੀਆਂ ਤੱਕ ਪਹੁੰਚਣ ‘ਚ ਮਦਦ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਘੋਸ਼ਣਾ ਪੱਤਰ ‘ਚ ਇਹ ਵੀ ਕਿਹਾ ਗਿਆ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਹਰ ਕੀਮਤ ‘ਤੇ ਸੁਰੱਖਿਅਤ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਕੇਂਦਰੀ ਮੰਤਰੀ ਨੇ ਪਹਿਲਾਂ ਹੀ ਸੰਸਦ ਦੇ ਪਵਿੱਤਰ ਸਦਨ ‘ਚ ਝੂਠ ਬੋਲਿਆ ਜਦੋਂ ਉਸ ਨੇ ਸਦਨ ਨੂੰ ਦੱਸਿਆ ਕਿ ਖੇਤੀ ਸੁਧਾਰਾਂ ਸਬੰਧੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਪੰਜਾਬ ਆਰਡੀਨੈਂਸ ਸਬੰਧੀ ਸਹਿਮਤ ਸੀ ਪਰ ਅਸਲੀਅਤ ਇਹ ਹੈ ਕਿ ਇਹ ਕਮੇਟੀ ਸਿਰਫ ਅੱਖਾਂ ‘ਚ ਧੂੜ ਪਾਉਣ ਵਾਲੀ ਸੀ ਜਿਸ ਨੇ ਕਿਤੇ ਵੀ ਇਸ ਦਾ ਜ਼ਿਕਰ ਤੱਕ ਨਹੀਂ ਕੀਤਾ। ਕੈਪਟਨ ਨੇ ਕਿਹਾ ਕਿ ਤੋਮਰ ਨੇ ਹੁਣ ਸੰਸਦ ਦੇ ਬਾਹਰ ਪੰਜਾਬ ਸਰਕਾਰ ਤੇ ਕਾਂਗਰਸ ਵਿਰੁੱਧ ਗਲਤ ਬਿਆਨਾਂ ਦੁਆਰਾ ਭਾਜਪਾ ਦੇ ਝੂਠਾਂ ਦੀ ਤੂਤੀ ਵਜਾਉਣੀ ਸ਼ੁਰੂ ਕਰ ਦਿੱਤੀ ਹੈ ਜੋ ਸਪੱਸ਼ਟ ਤੌਰ ‘ਤੇ ਪੰਜਾਬ ਸਰਕਾਰ ਤੇ ਕਾਂਗਰਸ ਨੂੰ ਬਦਨਾਮ ਕਰਨ ਦੇ ਰਾਜਨੀਤਕ ਏਜੰਡੇ ਨੂੰ ਜਗ ਜ਼ਾਹਿਰ ਕਰਦੀ ਹੈ।