Punjab CM to stage dharna: ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਬਿੱਲਾਂ ਦਾ ਸਖ਼ਤ ਵਿਰੋਧ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਕਿਸਾਨ ਸਮੂਹਾਂ ਅਤੇ ਰਾਜਨੀਤਿਕ ਪਾਰਟੀਆਂ ਨੇ ਐਤਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਹਸਤਾਖਰ ਕੀਤੇ ਗਏ ਤਿੰਨੋਂ ਬਿੱਲਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਤੇਜ਼ ਕਰਨ ਦੀ ਯੋਜਨਾ ਬਣਾਈ ਹੈ। ਅੱਜ ਯਾਨੀ ਕਿ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਦੇ ਜਨਮ ਦਿਵਸ ਮੌਕੇ ਵਿਵਾਦਤ ਕਾਨੂੰਨਾਂ ਦਾ ਵਿਰੋਧ ਕਰਨਗੇ। ਐਤਵਾਰ ਨੂੰ ਕਾਂਗਰਸ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਹੋਰਨਾਂ ਵਿੱਚ ਰਾਜ ਦੇ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਸਾਰੇ ਪ੍ਰਦੇਸ਼ ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਧਾਇਕ ਹਨ। ਇਹ ਖੇਤੀਬਾੜੀ ਬਿੱਲ ਖਿਲਾਫ ਅਮਰਿੰਦਰ ਸਿੰਘ ਦਾ ਪਹਿਲਾ ਵਿਰੋਧ ਹੋਵੇਗਾ । ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਰਾਵਤ ਵੀ ਰਾਜ ਦੇ ਮਾਮਲਿਆਂ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਉਣਗੇ।
ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਸ਼ਟਰਪਤੀ ਕੋਵਿੰਦ ਵੱਲੋਂ ਤਿੰਨ ਬਿੱਲਾਂ ‘ਤੇ ਦਸਤਖਤ ਕਰਨ ਨਾਲ ‘ਲੋਕਤੰਤਰ ਅਤੇ ਕਿਸਾਨਾਂ ਲਈ ਕਾਲੇ ਦਿਨ’ ਦਾ ਸੰਕੇਤ ਮਿਲਦਾ ਹੈ। ਇਸ ਸਬੰਧੀ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ “ਇਹ ਬੜੇ ਦੁੱਖ ਦੀ ਗੱਲ ਹੈ ਕਿ ਰਾਸ਼ਟਰਪਤੀ ਨੇ ਕਿਸਾਨਾਂ ਅਤੇ ਪੰਜਾਬੀਆਂ ਦੇ ਰੋਣ ਨੂੰ ਨਜ਼ਰ ਅੰਦਾਜ਼ ਕੀਤਾ ਅਤੇ ਖੇਤੀਬਾੜੀ ਬਿੱਲ ਅਤੇ ਜੰਮੂ ਕਸ਼ਮੀਰ ਬਿੱਲ ‘ਤੇ ਦਸਤਖਤ ਕੀਤੇ । ਉਮੀਦ ਹੈ ਕਿ ਰਾਸ਼ਟਰਪਤੀ ਰਾਸ਼ਟਰ ਦੀ ਜ਼ਮੀਰ ਵਜੋਂ ਕੰਮ ਕਰਨਗੇ ਅਤੇ ਸੰਸਦ ਵਿੱਚ ਬਿੱਲਾਂ ਨੂੰ ਵਾਪਸ ਕਰ ਦੇਣਗੇ।”
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਬਿੱਲ ਨੂੰ ਲੈ ਕੇ ਕੇਂਦਰ ਤੋਂ ਲਗਾਤਾਰ ਨਾਰਾਜ਼ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਨੇ ਸ਼ਨੀਵਾਰ ਨੂੰ ਇੱਕ ਮੀਡੀਆ ਗੱਲਬਾਤ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਹੁਣ ਰਾਸ਼ਟਰੀ ਗੱਠਜੋੜ ਦਾ ਹਿੱਸਾ ਨਹੀਂ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਦੇ ਬਹੁਤ ਸਾਰੇ ਮੈਂਬਰਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਹੁਣ ਇਹ ਰਸਮੀ ਹੋ ਚੁੱਕਿਆ ਹੈ ਕਿ ਗੱਠਜੋੜ ਟੁੱਟ ਗਿਆ ਹੈ।