Ashwani Sharma formed : ਚੰਡੀਗੜ੍ਹ: ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਵਿਸ਼ੇ ਨੂੰ ਜਾਣਨ ਅਤੇ ਆਪਣੇ ਵਿਚਾਰ ਪੇਸ਼ ਕਰਨ ਲਈ ਅੱਠ ਮੈਂਬਰਾਂ ਦੀ ਕਮੇਟੀ ਬਣਾਈ ਹੈ। ਇਸ ਕਮੇਟੀ ਦੇ ਚੇਅਰਮੈਨ ਵੱਲੋਂ ਸਾਬਕਾ ਮੰਤਰੀ ਸੁਰਜੀਤ ਜਿਆਣੀ, ਉਨ੍ਹਾਂ ਦੇ ਨਾਲ ਸਾਬਕਾ ਜਨਰਲ ਸਕੱਤਰ ਰਾਸ਼ਟਰੀ ਕਿਸਾਨ ਮੋਰਚਾ ਹਰਜੀਤ ਸਿੰਘ ਗਰੇਵਾਲ, ਸਾਬਕਾ ਸਕੱਤਰ ਰਾਸ਼ਟਰੀ ਕਿਸਾਨ ਮੋਰਚਾ ਸੁਖਮਿੰਦਰਪਾਲ ਸਿੰਘ ਗਰੇਵਾਲ, ਸੂਬਾ ਪ੍ਰਧਾਨ ਕਿਸਾਨ ਮੋਰਚਾ ਬਿਕਰਮਜੀਤ ਸਿੰਘ ਚੀਮਾ, ਸੂਬਾ ਭਾਜਪਾ ਦੇ ਉਪ ਪ੍ਰਧਾਨ ਸੁਖਵੰਤ ਸਿੰਘ ਧਨੌਲਾ, ਸੂਬਾ ਕਾਰਜਕਾਰੀ ਮੈਂਬਰ ਸਤਵੰਤ ਸਿੰਘ ਪੁਨੀਆ, ਸਾਬਕਾ ਸੂਬਾ ਪ੍ਰਧਾਨ ਕਿਸਾਨ ਮੋਰਚਾ ਜਤਿੰਦਰ ਸਿੰਘ ਅਟਵਾਲ ਅਤੇ ਸਾਬਕਾ ਭਾਜਯੂਮੋ ਪ੍ਰਧਾਨ ਸ਼ਿਵਬੀਰ ਰਾਜਨ ਨੂੰ ਨਿਯੁਕਤ ਕੀਤਾ ਗਿਆ ਹੈ।
ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਸਬੰਧੀ ਕਾਨੂੰਨਾਂ ਨੂੰ ਲੈ ਕੇ ਸੜਕਾਂ ‘ਤੇ ਉਤਰਨ ਵਾਲੇ ਕਿਸਾਨਾਂ ਅਤੇ ਸਮੂਹ ਕਿਸਾਨ ਜੱਥੇਬੰਦੀਆਂ ਦੇ ਨੇਤਾਵਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਜਾਣਨ ਅਤੇ ਉਨ੍ਹਾਂ ਦੇ ਹੱਲ ‘ਤੇ ਵਿਚਾਰ ਕਰਨ ਅਤੇ ਕੇਂਦਰ ਸਰਕਾਰ ਦੇ ਖੇਤੀ ਸੰਬੰਧੀ ਕਾਨੂੰਨਾਂ ਬਾਰੇ ਜਾਗਰੂਕ ਕਰਨ ਅਤੇ ਆਪਣਾ ਪੱਖ ਕਿਸਾਨਾਂ ਸਾਹਮਣੇ ਰੱਖਣ ਲਈ ਇਸ ਕਮੇਟੀ ਦੇ ਆਗੂ ਗੱਲਬਾਤ ਕਰਨਗੇ। ਇਹ ਕਮੇਟੀ ਅਗਲੇ ਦਸ ਦਿਨਾਂ ਵਿੱਚ ਸਮੂਹ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਕੇ ਆਪਣੀ ਵਿਸਥਾਰਤ ਰਿਪੋਰਟ ਤਿਆਰ ਕਰੇਗੀ ਅਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸਾਹਮਣੇ ਰੱਖੇਗੀ।