ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
ਅਰਥ: ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ,ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ । ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ । (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ । ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ । ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ । ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ)…