Sukhbir Badal announces : ਚੰਡੀਗੜ੍ਹ : ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੈਂਬਰਾਂ ਦੀ ਇੱਕ ਉੱਚ ਤਾਕਤੀ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਗਿਆ ਜੋ ਦੇਸ਼ ਦੇ ਹੋਰਨਾਂ ਹਮ ਖਿਆਲੀ ਪਾਰਟੀਆਂ ਨਾਲ ਤਾਲਮੇਲ ਕਰੇਗੀ ਅਤੇ ਦੇਸ਼ ਵਾਸਤੇ ਅਸਲ ਸੰਘੀ ਢਾਂਚਾ ਸਥਾਪਤ ਕੀਤਾ ਜਾਵੇਗਾ। ਇਹ ਫੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਉਚ ਤਾਕਤੀ ਕਮੇਟੀ ਦੀ ਦੇ ਚੇਅਰਮੈਨ ਪਾਰਟੀ ਦੇ ਸਕੱਤਰ ਜਨਰਲ ਸ਼੍ਰੀ ਬਲਵਿੰਦਰ ਸਿੰਘ ਭੂੰਦੜ ਹੋਣਗੇ ਜਦਕਿ ਇਸ ‘ਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਮਨਜਿੰਦਰ ਸਿੰਘ ਸਿਰਸਾ ਤੇ ਸ੍ਰੀ ਨਰੇਸ਼ ਗੁਜਰਾਲ ਮੈਂਬਰ ਹੋਣਗੇ।
ਸ. ਬਾਦਲ ਨੇ ਕਿਹਾ ਕਿ ਕਿ ਰਾਜਾਂ ਨੂੰ ਵਧੇਰੇ ਤਾਕਤਾਂ ਦੇਣ ਨਾਲ ਦੇਸ਼ ਹੋਰ ਮਜ਼ਬੂਤ ਹੋਵੇਗਾ ਤੇ ਇਸ ਨਾਲ ਅਸੀਂ ਵਿਸ਼ਵ ਸ਼ਕਤੀ ਵਜੋਂ ਉਭਰਾਂਗੇ ਕਿਉਂਕਿ ਮਜ਼ਬੂਤ ਰਾਜਾਂ ਦਾ ਮਤਲਬ ਇੱਕ ਮਜ਼ਬੂਤ ਰਾਸ਼ਟਰ ਹੈ ਜਿਵੇਂ ਸਰੀਰ ਦੇ ਅੰਗ ਮਜ਼ਬੂਤ ਹੋਣ ਤਾਂ ਸਰੀਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਔਖੇ ਸਮੇਂ ‘ਚ ਦੇਸ਼ ‘ਚ ਸੰਘੀ ਢਾਂਚੇ ਨੂੰ ਮਜ਼ਬੂਤ ਕਰਨਾ ਬਹੁਤ ਹੀ ਜ਼ਰੂਰੀ ਹੈ ਕਿਉਂਕਿ ਨਵੇਂ ਪਾਸ ਹੋਏ ਖੇਤੀ ਬਿੱਲਾਂ ਕਾਰਨ ਕਿਸਾਨਾਂ ਦਾ ਭਵਿੱਖ ਧੁੰਦਲਾ ਹੈ ਤੇ ਸਾਨੂੰ ਉਨ੍ਹਾਂ ਦੇ ਹਿੱਤਾਂ ਲਈ ਜ਼ਰੂਰ ਅੱਗੇ ਆਉਣਾ ਚਾਹੀਦਾ ਹੈ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਦੇਸ਼ ‘ਚ ਇਕਪਾਸੜ ਫੈਸਲਿਆਂ ਖਿਲਾਫ ਸੰਘਰਸ਼ ਕਰਦਾ ਰਿਹਾ ਹੈ ਤੇ ਇਸ ਵਾਰ ਵੀ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਮੋਦੀ ਸਾਹਿਬ ਦਾ ਕਹਿਣਾ ਹੈ ਕਿ ਇਹ ਖੇਤੀ ਬਿੱਲ ਕਿਸਾਨਾਂ ਲਈ ਫਾਇਦੇਮੰਦ ਹਨ ਪਰ ਜੇ ਇਨ੍ਹਾਂ ਖੇਤੀ ਬਿੱਲਾਂ ਕਾਰਨ ਕਿਸਾਨ ਹੀ ਖੁਸ਼ ਨਹੀਂ ਹਨ ਤਾਂ ਇਨ੍ਹਾਂ ਖੇਤੀ ਬਿੱਲਾਂ ਦਾ ਕੀ ਫਾਇਦਾ?
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਜੰਮੂ ਅਤੇ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਮੁੜ ਦੁਆਉਣ ਅਤੇ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾਲਈ ਸੰਘਰਸ਼ ਵਾਸਤੇ ਇਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਹੈ। ਇਸ ਕਮੇਟੀ ਵਿਚ ਨਿਰਮਲ ਸਿੰਘ ਕਾਹਲੋਂ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਸ਼ਾਮਲ ਹਨ। ਉਨ੍ਹਾਂ ਨੇ ਜੰਮੂ ਤੇ ਕਸ਼ਮੀਰ ‘ਚ ਪੰਜਾਬੀ ਨੂੰ ਮਤਰੇਈ ਮਾਂ ਵਾਲੇ ਰਵੱਈਏ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਿਆ ਗਿਆ ਫੈਸਲਾ ਕਿ ਪੰਜਾਬੀ ਨੂੰ ਜੰਮ-ਕਸ਼ਮੀਰ ‘ਚੋਂ ਸਰਕਾਰੀ ਭਾਸ਼ਾਵਾਂ ਦੀ ਸੂਚੀ ‘ਚੋਂ ਕੱਢਿਆ ਜਾਣਾ ਬਹੁਤ ਹੀ ਨਿੰਦਣਯੋਗ ਹੈ। ਉਹ ਇਸ ਖਿਲਾਫ ਵੀ ਆਵਾਜ਼ ਉਠਾਉਣਗੇ ਤਾਂ ਜੋ ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਸਹੀ ਥਾਂ ਦਿੱਤੀ ਜਾ ਸਕੇ।