rahul attacks pm modi tunnel wave: ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਖਤ ਹਮਲਾ ਜਾਰੀ ਹੈ। ਪੰਜਾਬ ਵਿੱਚ ਤਿੰਨ ਦਿਨਾਂ ਕਿਸਾਨੀ ਯਾਤਰਾ ਤੋਂ ਬਾਅਦ ਰਾਹੁਲ ਗਾਂਧੀ ਹੁਣ ਹਰਿਆਣਾ ਪਹੁੰਚ ਗਏ ਹਨ। ਇਸ ਦੌਰਾਨ ਬੁੱਧਵਾਰ ਸਵੇਰੇ ਉਨ੍ਹਾਂ ਨੇ ਟਵਿੱਟਰ ਰਾਹੀਂ ਇੱਕ ਹੋਰ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਜੀ, ਇਕੱਲੇ ਸੁਰੰਗ ਵਿੱਚ ਹੱਥ ਹਿਲਾਉਣਾ ਛੱਡੋ, ਆਪਣੀ ਚੁੱਪੀ ਤੋੜੋ। ਪ੍ਰਸ਼ਨਾਂ ਦਾ ਸਾਹਮਣਾ ਕਰੋ, ਦੇਸ਼ ਤੁਹਾਨੂੰ ਬਹੁਤ ਕੁੱਝ ਪੁੱਛ ਰਿਹਾ ਹੈ।” ਤੁਹਾਨੂੰ ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਤਿੰਨ ਦਿਨਾਂ ਲਈ ਪੰਜਾਬ ਵਿੱਚ ਇੱਕ ਟਰੈਕਟਰ ਰੈਲੀ ਕੱਢੀ ਸੀ, ਜਿਸ ਤੋਂ ਬਾਅਦ ਉਹ ਮੰਗਲਵਾਰ ਨੂੰ ਹਰਿਆਣਾ ਪਹੁੰਚੇ ਅਤੇ ਦੋ ਦਿਨ ਇੱਥੇ ਬੈਠਕ ਕਰਨਗੇ। ਇਸ ਤੋਂ ਬਾਅਦ ਇਹ ਖੇਤੀ ਬਚਾਓ ਯਾਤਰਾ ਦਿੱਲੀ ਵਿਖੇ ਸਮਾਪਤ ਹੋਵੇਗੀ।
ਕਾਂਗਰਸ ਨੇਤਾ ਨੇ ਮੰਗਲਵਾਰ ਨੂੰ ਪਟਿਆਲੇ ਵਿੱਚ ਵੀ ਇੱਕ ਪ੍ਰੈਸ ਕਾਨਫਰੰਸ ਵਿੱਚ ਪੀਐਮ ਮੋਦੀ ਨੂੰ ਨਿਸ਼ਾਨਾ ਬਣਾਇਆ ਸੀ। ਰਾਹੁਲ ਨੇ ਕਿਹਾ ਸੀ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਰਾਹੀਂ ਕਿਸਾਨਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਵੱਡੇ ਉਦਯੋਗਪਤੀਆਂ ਲਈ ਰਾਹ ਬਣਾਇਆ ਜਾ ਰਿਹਾ ਹੈ। ਰਾਹੁਲ ਦੀ ਤਰਫੋਂ ਇਹ ਦੋਸ਼ ਲਾਇਆ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਇਨ੍ਹਾਂ ਤਿੰਨਾਂ ਕਾਨੂੰਨਾਂ ਬਾਰੇ ਨਹੀਂ ਜਾਣਦੇ। ਕਾਂਗਰਸ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਖੇਤੀਬਾੜੀ ਕਾਨੂੰਨ ਦੇ ਮੁੱਦੇ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਜਲਦੀ ਹੀ ਕਾਂਗਰਸ ਪਾਰਟੀ ਆਪਣੇ ਸ਼ਾਸਿਤ ਰਾਜਾਂ ਦੀਆਂ ਵਿਧਾਨ ਸਭਾਵਾਂ ਵਿੱਚ ਕੇਂਦਰ ਵੱਲੋਂ ਲਿਆਂਦੇ ਗਏ ਕਾਨੂੰਨਾਂ ਵਿਰੁੱਧ ਮਤਾ ਪਾਸ ਕਰ ਸਕਦੀ ਹੈ। ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਦਾ ਸੰਕੇਤ ਦਿੱਤਾ ਹੈ।