Sadhu Singh Dharamsot : ਪਟਿਆਲਾ : ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਨੂੰ ਭਾਵੇਂ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਕਲੀਨ ਚਿੱਟ ਮਿਲ ਗਈ ਹੈ ਪਰ ਇਸ ਦਾ ਵਿਰੋਧ ਵੱਖ-ਵੱਖ ਆਗੂਆਂ ਤੇ ਸਿਆਸੀ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਧਰਮਸੋਤ ਨੂੰ ਦਿੱਤੀ ਕਲੀਨ ਚਿੱਟ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ. ਬਾਦਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦਿੱਤੀ ਜਾਵੇਗੀ ਕਿਉਂਕਿ ਕੈਪਟਨ ਸਰਕਾਰ ਵੱਲੋਂ ਕੈਬਨਿਟ ਮੰਤਰੀ ਦਾ ਪੂਰਾ-ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਇਸ ਘਪਲੇ ਦੀ ਸੀ. ਬੀ. ਆਈ. ਜਾਂਚ ਦੀ ਵੀ ਮੰਗ ਕੀਤੀ ਗਈ ਹੈ।
ਪਰ ਹੁਣ ਇੰਝ ਲੱਗਦਾ ਹੈ ਕਿ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਹੋਰ ਵਧਣ ਵਾਲੀਆਂ ਹਨ ਕਿਉਂਕਿ ਕਈ ਦਲਿਤ ਸੰਗਠਨਾਂ ਵਲੋਂ ਪੰਜਾਬ ‘ਚ 10 ਅਕਤੂਬਰ ਨੂੰ ਚੱਕਾ ਜਾਮ ਕਰਨ ਦੇ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਬਰ-ਜ਼ੁਲਮ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਰਾਜ ਸਿੰਘ ਟੋਡਰਵਾਲ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਗਿਆਨ ਸਿੰਘ ਮੂੰਗੋਂ ਐਡਵੋਕੇਟ ਨੇ ਵੀ ਧਰਮਸੋਤ ਖਿਲਾਫ ਆਪਣੀ ਆਵਾਜ਼ ਨੂੰ ਬੁਲੰਦ ਕਰ ਦਿੱਤਾ ਹੈ। ਇਥੇ ਸੰਗਠਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਰਾਮਗੜ੍ਹ ਦੀ ਅਗਵਾਈ ਹੇਠ 10 ਅਕਤੂਬਰ ਨੂੰ ਪੂਰੇ ਸ਼ਹਿਰ ਨੂੰ ਮੁਕੰਮਲ ਬੰਦ ਕਰਵਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨ ‘ਚ ਸਾਰੀਆਂ ਭਰਾਤਰੀ ਜੱਥੇਬੰਦੀਆਂ ਵਲੋਂ ਹਿੱਸਾ ਲੈਣ ਨਾਲ ਕੈਬਨਿਟ ਮੰਤਰੀ ਧਰਮਸੋਤ ਦੀਆਂ ਪਰੇਸ਼ਾਨੀਆਂ ਵੱਧ ਸਕਦੀਆਂ ਹਨ।
ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਦਲਿਤ ਸੰਗਠਨਾਂ ਨੂੰ 10 ਅਕਤੂਬਰ ਦੇ ਬੰਦ ਅਤੇ ਚੱਕਾ ਜਾਮ ਅੰਦੋਲਨ ‘ਚ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸੰਤ ਸਮਾਜ ਦੇ ਮੁਖੀ ਸੰਤ ਸਤਵਿੰਦਰ ਹੀਰਾ ਦੀ ਅਪੀਲ ’ਤੇ ਸਾਰੇ ਦਲਿਤ ਸੰਗਠਨ ਇਕਜੁੱਟ ਹੋ ਗਏ ਹਨ। ਸੰਤ ਗੁਰਕੀਰਤ ਸਿੰਘ ਅੱਚਲ ਨੇ ਕਿਹਾ ਹੈ ਕਿ ਦਲਿਤ ਵਿਦਿਆਰਥੀਆਂ ਨੂੰ ਇਨਸਾਫ ਦਿਵਾਉਣ ਲਈ ਧਰਮਸੋਤ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਧਰਮਸੋਤ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਈ ਜਾਵੇਗੀ ਤੇ ਸੱਚ ਨੂੰ ਸਾਹਮਣੇ ਲਿਆਂਦਾ ਜਾਵੇਗਾ।