dc facebook live corona: ਲੁਧਿਆਣਾ (ਤਰਸੇਮ ਭਾਰਦਵਾਜ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਫੇਸਬੁੱਕ ਪੇਜ ‘ਤੇ ਲਾਈਵ ਸੈਸ਼ਨ ਰਾਹੀਂ ਸ਼ਹਿਰਵਾਸੀਆਂ ਨਾਲ ਗੱਲਬਾਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ‘ਚ ਕੋਰੋਨਾ ਮਹਾਮਾਰੀ ‘ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਪਰ ਦੂਜੀ ਲਹਿਰ (ਸੈਕਿੰਡ ਵੇਵ) ਤੋਂ ਬਚਾਅ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਜਿਵੇਂ ਪੱਛਮੀ ਦੇਸ਼ਾਂ ਅਮਰੀਕਾ, ਫਰਾਂਸ ਜਾਂ ਸਪੇਨ ਦੀ ਗੱਲ ਕਰੀਏ ਤਾਂ ਉੱਥੇ ਵੀ ਇਸ ਬਿਮਾਰੀ ਵੱਲੋਂ ਦੋਬਾਰਾ ਦਸਤਕ ਦਿੱਤੀ ਗਈ ਹੈ। ਇਸ ਲਈ ਸਾਨੂੰ ਅਵੇਸਲੇ ਹੋਣ ਦੀ ਬਜਾਏ ਸਗੋਂ ਹੋਰ ਚੌਕੰਨੇ ਹੋ ਕੇ ਇਸ ਬਿਮਾਰੀ ਨਾਲ ਨਜਿੱਠਣ ਦੀ ਲੋੜ ਹੈ। ਉਨ੍ਹਾਂ ਕਿਹਾ ਬਿਮਾਰੀਆਂ ਸਮੁੰਦਰ ਦੀ ਲਹਿਰਾਂ ਵਾਂਗ ਹੁੰਦੀਆਂ ਹਨ, ਕਦੇ ਆਉਂਦੀਆਂ ਤੇ ਕਦੇ ਚਲੀਆਂ ਜਾਂਦੀਆਂ ਹਨ। ਜੇਕਰ ਹੁਣ ਇੱਕ ਵਾਰ ਘਟੀ ਹੈ, ਤਾਂ ਇਸ ਗੱਲ ਦਾ ਖਦਸ਼ਾ ਹੈ ਕਿ ਜੇਕਰ ਇਸ ਦੇ ਬਚਾਅ ਸਬੰਧੀ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ, ਮਾਸਕ ਪਹਿਨਣਾ, ਆਪਸੀ ਦੂਰੀ ਤੇ ਹੱਥਾਂ ਦੀ ਸਫਾਈ ਨਾ ਰੱਖੀ ਗਈ ਤਾਂ ਇਹ ਬਿਮਾਰੀ ਸਾਨੂੰ ਦੂਜੀ ਲਹਿਰ ਦੀ ਤਰ੍ਹਾਂ ਇੱਕ ਵਾਰ ਫੇਰ ਪ੍ਰਭਾਵਿਤ ਕਰ ਸਕਦੀ ਹੈ।
ਡੀ.ਸੀ ਵੱਲੋਂ ਇਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਦੀ ਨਾੜ ਨੂੰ ਅੱਗ ਨਾ ਲਗਾਈ ਜਾਵੇ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਸਾਹ ਨਾਲ ਸਬੰਧਿਤ ਬਿਮਾਰੀਆਂ ਤੋਂ ਪੀੜਤ ਰੋਗੀਆਂ ਨੂੰ ਕਾਫੀ ਸਮੱਸਿਆ ਆਉਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਡੀਆਂ ‘ਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ, ਕਿਸਾਨ ਵੀਰ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਅਪਣਾਈ ਪ੍ਰਣਾਲੀ ਅਨੁਸਾਰ ਮੰਡੀਆਂ ‘ਚ ਆਉਣ, ਆਪਸੀ ਦੂਰੀ ਬਣਾਈ ਰੱਖਣ ਅਤੇ ਜਿਵੇਂ ਕਣਕ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕੀਤਾ ਓਸੇ ਤਰ੍ਹਾਂ ਝੋਨੇ ਦੀ ਖਰੀਦ ਨੂੰ ਵੀ ਸੁਚਾਰੂ ਢੰਗ ਨਾਲ ਚਲਾਉਣ ‘ਚ ਮਦਦ ਕਰਨ।ਇਸ ਤੋਂ ਇਲਾਵਾ ਉਨ੍ਹਾਂ ਨੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਵਸਨੀਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਉਨ੍ਹਾਂ ਵੱਲੋਂ ਇਸ ਮਹਾਂਮਾਰੀ ਦੌਰਾਨ ਕੀਤੇ ਭਰਪੂਰ ਸਹਿਯੋਗ ਲਈ ਤਹਿਦਿਲੋਂ ਧੰਨਵਾਦ ਵੀ ਕੀਤਾ।