Post-matric scholarship : ਚੰਡੀਗੜ੍ਹ : ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਪੰਜਾਬ ਸਰਕਾਰ ਦੀ ਪ੍ਰੇਸ਼ਾਨੀ ਵਧਦੀ ਜਾ ਰਹੀ ਹੈ। ਸੰਤ ਸਮਾਜ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਬੰਦ ਦੇ ਸਮਰਥਨ ‘ਚ ਆਮ ਆਦਮੀ ਪਾਰਟੀ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ (ਭਾਜਪਾ) ਵੀ ਵਿਰੋਧ ਕਰ ਰਹੀ ਹੈ। ਇਹੀ ਨਹੀਂ ਘਪਲੇ ਨੂੰ ਲੈ ਕੇ ਸਾਬਕਾ ਆਈ. ਏ. ਐੱਸ. ਅਧਿਕਾਰੀ ਐੱਸ. ਆਰ. ਲੱਦੜ ਵੀ ਇਸ ਮੁੱਦੇ ‘ਤੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਰਹੇ ਹਨ। ਸਿਆਸੀ ਪਾਰਟੀਆਂ ਤੇ ਸਮਾਜਿਕ ਸੰਗਠਨ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੈਬਨਿਟ ਤੋਂ ਬਰਖਾਸਤ ਕਰਨ ਦੀ ਮੰਗ ਕਰ ਰਹੇ ਹਨ।
ਸ਼ੈਡਿਊਲਡ ਕਾਸਟ ਅਲਾਇੰਸ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ‘ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰਨ ਦਾ ਦੋਸ਼ ਲਗਾਇਆ ਹੈ। ਕੈਂਥ ਨੇ ਕਿਹਾ ਕਿ ਸੰਤ ਸਮਾਜ ਤੇ ਸਾਰੇ ਅਨੁਸੂਚਿਤ ਜਾਤੀ ਸੰਗਠਨ ਦੇ ਵਰਕਰ 10 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਪੰਜਾਬ ਭਰ ‘ਚ ਚੱਕਾ ਜਾਮ ਕਰਨਗੇ। ਇਸ ਘਪਲੇ ‘ਚ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਖਿਲਾਫ ਆਪ ਦੇ ਵਿਧਾਇਕ ਦਲ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ‘ਚ ਆਪ ਵਰਕਰਾਂ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪਹਿਲਾਂ ਤੋਂ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਰਸਤੇ ‘ਚ ਹੀ ਰੋਕ ਲਿਆ।
ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ 63.91 ਕਰੋੜ ਰੁਪਏ ਦੇ ਘਪਲੇ ਦੀ ਜਾਂਚ ਉਦੋਂ ਸਾਹਮਣੇ ਆਈ ਸੀ ਜਦੋਂ ਵਿਭਾਗ ਦੇ ਐਡੀਸ਼ਨਲ ਚੀਫ ਸੈਕ੍ਰੇਟਰੀ ਕ੍ਰਿਪਾ ਸ਼ੰਕਰ ਸਰੋਜ ਨੇ ਆਪਣੀ ਜਾਂਚ ਰਿਪੋਰਟ ਚੀਫ ਸੈਕ੍ਰੇਟਰੀ ਵਿਨੀ ਮਹਾਜਨ ਨੂੰ ਦਿੱਤੀ ਸੀ। ਇਸ ਮਾਮਲੇ ‘ਚ ਮੁੱਖ ਮੰਤਰੀ ਨੇ ਚੀਫ ਸੈਕ੍ਰੇਟਰੀ ਤੋਂ ਦੁਬਾਰਾ ਜਾਂਚ ਕਰਵਾਈ। ਇਸ ਜਾਂਚ ‘ਚ ਇਹ ਸਾਹਮਣੇ ਆਇਆ ਕਿ 7 ਕਰੋੜ ਰੁਪਏ ਦੇ ਫੰਡ ਨਿਯਮਾਂ ਦੇ ਉਲਟ ਇੰਸਟੀਚਿਊਟ ਨੂੰ ਵੰਡੇ ਗਏ। ਫੰਡ ਜਾਰੀ ਕਰਨ ਦੀਆਂ ਫਾਈਲਾਂ ‘ਤੇ ਮੰਤਰੀ ਦੇ ਸਾਈਨ ਵੀ ਸਨ। ਇਸ ਦੇ ਬਾਵਜੂਦ ਜਾਂਚ ‘ਚ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ।