Commendable step by : ਜਲੰਧਰ : ਇੱਕ ਪਾਸੇ ਜਿਥੇ ਪਰਾਲੀ ਸਾੜ ਕੇ ਕੁਝ ਕਿਸਾਨਾਂ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ ਉਥੇ ਦੂਜੇ ਪਾਸੇ ਕੁਝ ਕਿਸਾਨ ਅਜਿਹੇ ਵੀ ਹਨ ਜੋ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੀ ਸਹੀ ਵਰਤੋਂ ਕਰ ਰਹੇ ਹਨ । ਅਜਿਹੀ ਹੀ ਪਹਿਲਕਦਮੀ ਜਲੰਧਰ ਦੇ ਕੁਝ ਪਿੰਡਾਂ ਦੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ ਜਿਹੜੇ ਪਰਾਲੀ ਨੂੰ ਸਾੜਨ ਦੀ ਬਜਾਏ ਉਸ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤ ਰਹੇ ਹਨ ਜਿਸ ਨਾਲ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਰਹੇ ਹਨ ਉੱਥੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਵੀ ਯੋਗਦਾਨ ਪਾ ਰਹੇ ਹਨ। ਅਜਿਹੀ ਹੀ ਇੱਕ ਮਿਸਾਲ ਕਾਇਮ ਕੀਤੀ ਹੈ ਕਿ ਪਿੰਡ ਸਲੇਮਪੁਰ ਮਸੰਦਾ ਦੇ ਜਸਕਰਨ ਸਿੰਘ ਨੇ ਪਰਾਲੀ ਵੇਚ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਰਿਹਾ ਹੈ ਅਤੇ ਪਰਾਲੀ ਨਾ ਸਾੜ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ‘ਚ ਮਦਦ ਕਰ ਰਿਹਾ ਹੈ।
ਪ੍ਰਿਤਪਾਲ ਸਿੰਘ ਪਿੰਡ ਬਹਿਰਾਮ ਸ੍ਰਿਸ਼ਟੀ ਵਿਖੇ ਡੇਅਰੀ ਦਾ ਧੰਦਾ ਕਰਦਾ ਹੈ। ਉਹ ਕਿਸਾਨਾਂ ਨੂੰ ਪਰਾਲੀ ਵੇਚ ਕੇ ਆਪਣੀ ਸਥਾਈ ਆਮਦਨ ਵਿੱਚ ਵਾਧਾ ਕਰ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਨੂੰ ਵਰਤੋਂ ਵਿੱਚ ਲਿਆ ਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨਾ ਚਾਹੀਦਾ ਹੈ। ਪਿੰਡ ਸਲੇਮਪੁਰ ਮਸੰਦਾ ਦੇ ਕਿਸਾਨਾਂ ਵਾਂਗ ਦੂਸਰੇ ਪਿੰਡਾਂ ਦੇ ਕਿਸਾਨ ਵੀ ਪਰਾਲੀ ਸਾੜਨ ਤੋਂ ਕਿਨਾਰਾ ਕਰਦਿਆਂ ਇਸ ਨੂੰ ਪਸ਼ੂ ਚਾਰੇ ਵਜੋਂ ਵਰਤ ਰਹੇ ਹਨ। ਪਿੰਡ ਕੋਟਲਾ ਦਾ ਜਤਿੰਦਰ ਸਿੰਘ, ਪਿੰਡ ਤਲਵੰਡੀ ਦਾ ਸ਼ਰਨਜੀਤ ਸਿੰਘ, ਪਿੰਡ ਬੂਲੇ ਦਾ ਸ਼ਰਨਜੀਤ ਸਿੰਘ ਅਤੇ ਪਿੰਡ ਬੁੱਲ੍ਹੋਵਾਲ ਦਾ ਬੂਟਾ ਰਾਮ ਪਰਾਲੀ ਨੂੰ ਅੱਗ ਦੇ ਹਵਾਲੇ ਕਰਨ ਦੀ ਬਜਾਏ ਇਸ ਵਰਤੋਂ ਆਪਣੇ ਪਸ਼ੂਆਂ ਦੇ ਚਾਰੇ ਵਜੋਂ ਕਰ ਰਹੇ ਹਨ। ਜ਼ਿਲ੍ਹਾ ਜਲੰਧਰ ਵਿਖੇ ਕਈ ਗਊਸ਼ਾਲਾਵਾਂ ਚੱਲ ਰਹੀਆਂ ਹਨ, ਜਿੱਥੇ ਫ਼ਸਲ ਦੀ ਰਹਿੰਦ-ਖੂੰਹਦ ਦੀ ਵਰਤੋਂ ਪਸ਼ੂ ਚਾਰੇ ਵਜੋਂ ਕੀਤੀ ਜਾ ਸਕਦੀ ਹੈ। ਕਣਕ ਦੀ ਤੂੜੀ ਜਾਂ ਚਾਰੇ ਵਿੱਚ ਹੌਲੀ-ਹੌਲੀ ਪਰਾਲੀ ਦੀ ਮਾਤਰਾ ਵਧਾਉਣ ਨਾਲ ਇਹ ਭਵਿੱਖ ਵਿਚ ਕਿਸਾਨਾਂ ਅਤੇ ਡੇਅਰੀ ਫਾਰਮਰਾਂ ਲਈ ਲਾਹੇਵੰਦ ਸਾਬਿਤ ਹੋਵੇਗੀ।
ਜਲੰਧਰ ਦੇ ਡੀ. ਸੀ. ਘਣਸ਼ਿਆਮ ਥੋਰੀ ਨੇ ਵੀ ਦੱਸਿਆ ਕਿ ਬਹੁਤ ਚੰਗੀ ਗੱਲ ਹੈ ਕਿ ਇਥੋਂ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਦੀ ਬਜਾਏ ਉਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ ਕਿਉਂਕਿ ਪਰਾਲੀ ਸਾੜਨ ਨਾਲ ਉੱਠਣ ਵਾਲੇ ਧੂੰਏਂ ਕਾਰਨ ਸਾਹ ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ ਅਤੇ ਕੋਵਿਡ ਪ੍ਰਭਾਵਿਤ ਮਰੀਜ਼ਾਂ ਦੀ ਹਾਲਤ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਵਰਤੋਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਵਰਤੋਂ ਪਸ਼ੂ ਚਾਰੇ ਵਜੋਂ ਕੀਤੀ ਜਾਵੇ ਤਾਂ ਇਸ ਨਾਲ ਜਿੱਥੇ ਝੋਨੇ ਦੀ ਪਰਾਲੀ ਦਾ ਨਿਪਟਾਰਾ ਅਸਾਨੀ ਨਾਲ ਹੋ ਸਕੇਗਾ ਉੱਥੇ ਹੀ ਪਸ਼ੂ ਪਾਲਣ ਲਈ ਸਸਤਾ ਚਾਰਾ ਉਪਲਬਧ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ 70,000 ਐਮ.ਜੀ. ਪ੍ਰਦੂਸ਼ਣ ਕਣ ਪੈਦਾ ਹੁੰਦੇ ਹਨ, ਜੋ ਮਨੁੱਖੀ ਸਿਹਤ ਲਈ ਨੁਕਸਾਨਦੇਹ ਹਨ।