SGPC office bearers : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹੁਕਮਾਂ ਮੁਤਾਬਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ’ਤੇ ਅੱਜ ਤੀਜੇ ਦਿਨ ਵੀ ਝਾੜੂ ਲਗਾ ਕੇ ਆਪਣੀ ਸੇਵਾ ਨਿਭਾਈ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਮੂਹ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ, ਜਿੱਥੇ ਭਾਈ ਲੌਂਗੋਵਾਲ ਨੇ ਅਰਦਾਸ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਨੂੰ 19 ਮਈ 2016 ਨੂੰ ਪਬਲੀਕੇਸ਼ਨ ਵਿਭਾਗ ਵਿਖੇ ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਦੇ ਅਫਸੋਸ ਵਜੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਹੁਕਮ ਕੀਤਾ ਸੀ। ਇਸ ਦੇ ਨਾਲ ਹੀ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤੇ ’ਤੇ ਝਾੜੂ ਦੀ ਸੇਵਾ ਕਰਨ ਦਾ ਵੀ ਹੁਕਮ ਕੀਤਾ ਗਿਆ ਸੀ। ਇਸੇ ਤਹਿਤ ਹੀ ਤਿੰਨ ਦਿਨ ਤੋਂ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ ਸੇਵਾ ਕਰ ਰਹੇ ਸਨ, ਜੋ ਕਿ ਅੱਜ ਮੁਕੰਮਲ ਹੋਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਅਟੱਲ ਹੈ, ਜਿਸ ਨੂੰ ਮੰਨਣਾ ਹਰ ਸਿੱਖ ਦਾ ਫ਼ਰਜ਼ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਹੁਕਮ ਕੀਤਾ ਗਿਆ ਸੀ ਉਸ ਦਾ ਪਾਲਣ ਕੀਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ ਆਦਿ ਹਾਜ਼ਰ ਸਨ। ਅੱਜ ਸੇਵਾ ਕਰਨ ਵਾਲਿਆਂ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੁਰਜੀਤ ਸਿੰਘ ਕੰਗ, ਸ਼ੇਰ ਸਿੰਘ ਮੰਡਵਾਲਾ, ਭੁਪਿੰਦਰ ਸਿੰਘ ਅਸੰਧ, ਬੀਬੀ ਕੁਲਦੀਪ ਕੌਰ ਟੌਹੜਾ, ਗੁਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਭਲਾਈਪੁਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੰਗਵਿੰਦਰ ਸਿੰਘ ਖਾਪੜਖੇੜੀ ਮੌਜੂਦ ਸਨ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰਬਾਣੀ ਕੀਰਤਨ ਹੋਇਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਗੁਰਮੀਤ ਸਿੰਘ ਬੂਹ ਵੀ ਮੌਜੂਦ ਸਨ।