Central government invites : ਚੰਡੀਗੜ੍ਹ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਵੱਲੋਂ ਖੇਤ ਕਾਨੂੰਨਾਂ ਨੂੰ ਰੱਦ ਕਰਦਿਆਂ ਸੰਕਟ ਦੇ ਹੱਲ ਲਈ ਪੰਜਾਬ ਦੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਇਹ ਗੱਲਬਾਤ 14 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਜਾ ਰਹੀ ਹੈ। ਕਿਸਾਨਾਂ ਨੇ ਇਸ ਮੁੱਦੇ ਨੂੰ ਸੁਲਝਾਉਣ ਲਈ ਗੱਲਬਾਤ ਦੀ ਪਹਿਲਾਂ ਕੀਤੀ ਕਾਲ ਨੂੰ ਰੱਦ ਕਰ ਦਿੱਤਾ ਸੀ।
ਭਾਜਪਾ ਦੇ ਆਗੂ ਹਰਜੀਤ ਗਰੇਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 14 ਅਕਤੂਬਰ ਨੂੰ ਸਵੇਰੇ 11.30 ਵਜੇ ਦਿੱਲੀ ਆ ਕੇ ਗੱਲਬਾਤ ਕਰਨ ਲਈ ਸੱਦਾ ਪੱਤਰ ਭੇਜੇ ਹਨ। ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਵੱਲੋਂ 29 ਕਿਸਾਨ ਜਥੇਬੰਦੀਆਂ ਨੂੰ ਇਹ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਵਿਚ ਲਿਖਿਆ ਹੈ ਕਿ ਪਿਛਲੇ ਦਿਨਾਂ ਤੋਂ ਖੇਤੀ ਮਾਮਲਿਆਂ ਨੂੰ ਲੈ ਕੇ ਕਿਸਾਨ ਸੰਘਰਸ਼ ਕਰ ਰਹੇ ਹਨ। ਭਾਰਤ ਸਰਕਾਰ ਖੇਤੀ ਮਾਮਲਿਆਂ ਪ੍ਰਤੀ ਹਮੇਸ਼ਾ ਗੰਭੀਰ ਰਹੀ ਹੈ। ਇਸ ਲਈ ਕੇਂਦਰ ਸਰਕਾਰ ਤੁਹਾਡੇ ਨਾਲ ਗੱਲਬਾਤ ਕਰਨ ਦੀ ਇੱਛੁਕ ਹੈ। ਤੁਸੀਂ 14 ਅਕਤੂਬਰ ਨੂੰ ਸਵੇਰੇ 11.30 ਵਜੇ ਕ੍ਰਿਸ਼ੀ ਭਵਨ, ਖੇਤੀਬਾੜੀ ਮੰਤਰਾਲੇ ਪਹੁੰਚ ਕੇ ਗੱਲਬਾਤ ਕਰਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 8 ਅਕਤੂਬਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ ਜੋ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਗੱਲਬਾਤ ਸਿਰਫ ਪ੍ਰਧਾਨ ਮੰਤਰੀ ਨਾਲ ਹੀ ਕਰਨਗੇ।