Farmers in Punjab intensify : ਫਿਰੋਜ਼ਪੁਰ : ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਨੇ ਰੇਲਵੇ ਟਰੈਕਾਂ ਬੰਦ ਹੋਣ ਕਾਰਨ ਜਿਥੇ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਕੋਲੇ ਦੇ ਨਾਲ-ਨਾਲ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਨਾ ਹੋਣ ਕਾਰਨ ਫਿਕਰ ਵਿੱਚ ਪਾਇਆ ਹੋਇਆ ਹੈ ਅਤੇ ਕੇਂਦਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਦੂਜੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੱਜ ਆਪਣੀ ਮੀਟਿੰਗ ਦੌਰਾਨ ਇਸ ਸੰਘਰਸ਼ ਨੂੰ ਹੋਰ ਵਧਾਉਂਦੇ ਹੋਏ ਇਸ ਨੂੰ 14 ਅਕਤੂਬਰ ਤੱਕ ਕਰਨ ਦਾ ਐਲਾਨ ਕਰ ਦਿੱਤਾ ਹੈ।
ਰੇਲਵੇ ਲਾਈਨਾਂ ’ਤੇ ਬੈਠੇ ਕਿਸਾਨਾਂ ਨੂੰ ਸੰਘਰਸ਼ ਦੇ 18ਵੇਂ ਦਿਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਰੇਲ ਰੋਕੋ ਸੰਘਰਸ਼ 14 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਕੋਰ ਕਮੇਟੀ ਦੀ ਮੀਟਿੰਗ 13 ਅਕਤੂਬਰ ਨੂੰ ਸੱਦੀ ਗਈ ਹੈ। ਰੇਲ ਰੋਕੋ ਸੰਘਰਸ਼ ਕਾਰਨ ਜ਼ਰੂਰੀ ਵਸਤਾਂ ਦੀ ਸਪਲਾਈ ਪ੍ਰਭਾਵਤ ਹੋਣ ਦੀ ਗੱਲ ਨੂੰ ਝੂਠਾ ਕਰਾਰ ਦਿੰਦਿਆਂ ਸਰਕਾਰ ਕੋਲ ਛੇ ਮਹੀਨਿਆਂ ਦਾ ਰਾਸ਼ਨ ਪਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਗੱਲਬਾਤ ਦਾ ਸੱਦਾ ਦੇ ਰਹੀ ਹੈ ਜਦਕਿ ਦੂਜੇ ਪਾਸੇ ਧਮਕੀਆਂ ਦੇ ਰਹੀਆਂ ਹੈ ਕਿ ਕਿਸਾਨ ਕਾਨੂੰਨ ਰੱਦ ਨਹੀਂ ਹੋ ਸਕਦੇ।
ਇਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਵੀ ਹੁਣ ਕਿਸਾਨਾਂ ਨੂੰ ਮਨਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ। ਇਸ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸਰਕਾਰ ਦੀ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਵੀ ਕੈਪਟਨ ਨਾਲ ਵਿਚਾਰ- ਵਟਾਂਦਰੇ ਕੀਤੇ ਜਾਣਗੇ। ਉਧਰ ਕੇਂਦਰ ਸਰਕਾਰ ਨੇ ਮੁੜ 29 ਕਿਸਾਨ ਜਥੇਬੰਦੀਆਂ ਨੂੰ 14 ਅਕਤੂਬਰ ਨੂੰ ਸਵੇਰੇ 11.30 ਵਜੇ ਦਿੱਲੀ ਆ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਹੈ। ਇਥੇ ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ 8 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਲਈ ਦਿੱਲੀ ਆਉਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਕਿਸਾਨਾਂ ਵੱਲੋਂ ਰੱਦ ਕਰ ਦਿੱਤਾ ਗਿਆ ਸੀ।