Special appeal dussehra committees: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹਾਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਅੱਜ ਦੁਸ਼ਹਿਰਾ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਦੁਸ਼ਹਿਰੇ ਦਾ ਤਿਉਹਾਰ ਨਜ਼ਦੀਕ ਹੈ। ਇਸ ਲਈ ਉਹ ਕੋਰੋਨਾ ਸਬੰਧੀ ਸਾਵਧਾਨੀਆਂ ਵਰਤਦੇ ਹੋਏ ਜ਼ਰੂਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਇਸ ਤਿਉਂਹਾਰ ਨੂੰ ਮਨਾਉਣ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਦੁਸਹਿਰਾ ਕਮੇਟੀਆਂ ਨਾਲ ਸਾਂਝੇ ਤੌਰ ‘ਤੇ ਇਕ ਮੀਟਿੰਗ ਕੀਤੀ ਗਈ, ਜਿਸ ‘ਚ ਉਨ੍ਹਾਂ ਦੇ ਸੁਝਾਅ ਦੇ ਨਾਲ-ਨਾਲ ਯੋਜਨਾਬੰਦੀ ਵੀ ਕੀਤੀ ਗਈ ਕਿ ਸਾਰੇ ਕੋਰੋਨਾ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਤਿਉਹਾਰ ਕਿਵੇਂ ਮਨਾਇਆ ਜਾਵੇ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਲਾਂਕਿ ਕੋਵਿਡ ਪਾਜ਼ਟਿਵ ਮਰੀਜ਼ਾਂ ਦੇ ਅੰਕੜਿਆਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਪਰ ਉਨ੍ਹਾਂ ਨੂੰ ਦੂਜੀ ਲਹਿਰ ਲਈ ਕੋਵਿਡ-19 ਨੂੰ ਮੌਕਾ ਨਹੀਂ ਦੇਣਾ ਚਾਹੀਦਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਖੁਸ਼ ਵੇਖਣਾ ਚਾਹੁੰਦੀ ਹੈ ਅਤੇ ਤਿਉਹਾਰ ਮਨਾਏ ਜਾਣੇ ਚਾਹੀਦੇ ਹਨ ਪਰ ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਪ੍ਰਬੰਧਕ ਇਸ ਤਿਉਂਹਾਰ ਨੂੰ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਕਰਦਿਆਂ ਜਸ਼ਨ ਮਨਾਉਣ। ਉਨ੍ਹਾਂ ਕਿਹਾ ਕਿ ਜੇਕਰ ਇੱਕਠ ‘ਚ ਕਿਸੇ ਨੇ ਮਾਸਕ ਨਹੀਂ ਪਾਇਆ ਤਾਂ ਉਨ੍ਹਾਂ ਨੂੰ ਮਾਸਕ ਮੁਹੱਈਆਂ ਕਰਵਾਉਣ, ਸਮਾਜਕ ਦੂਰੀ ਬਣਾਈ ਰੱਖਣ ਦੇ ਨਾਲ ਹਰ ਪ੍ਰਵੇਸ਼ ਦੁਆਰ ‘ਤੇ ਸੈਨੇਟਾਈਜ਼ਰ ਅਤੇ ਹੱਥ ਧੋਣ ਦੀ ਸਹੂਲਤ ਮੁਹੱਈਆ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਆਯੋਜਕਾਂ ਨੂੰ ਕੁਝ ਸਥਾਨਕ ਚੈਨਲ ਜਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਨਾਲ ਤਾਲਮੇਲ ਕਰਕੇ ਆਪਣੇ ਪ੍ਰੋਗਰਾਮਾਂ ਨੂੰ ਲਾਈਵ ਚਲਾਉਣ ਲਈ ਕਿਹਾ ਜੋ ਇਕੱਠ ਨੂੰ ਘੱਟ ਰੱਖਣ ‘ਚ ਸਹਾਇਤਾ ਕਰਨਗੇ ਅਤੇ ਲੋਕਾਂ ਨੂੰ ਖਾਸ ਤੌਰ ਤੇ ਬਜ਼ੁਰਗਾਂ ਤੇ ਬੱਚਿਆਂ ਨੂੰ ਸਿੱਧਾ ਪ੍ਰਸਾਰਣ ਦਿਖਾ ਕੇ ਭੀੜ ਵਿੱਚ ਜਾਣ ਤੋਂ ਬਚਾਇਆ ਜਾ ਸਕਦਾ ਹੈ।
ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਝੂਲੇ, ਲੰਗਰ, ਸਟਾਲ ਅਤੇ ਮਨੋਰੰਜਨ ਵਰਗੇ ਮੇਲੇ ਲਗਾਉਣ ਤੋਂ ਪ੍ਰਹੇਜ਼ ਕਰਨ ਕਿਉਂਕਿ ਇਸ ਦੇ ਨਤੀਜੇ ਵਜੋਂ ਭਾਰੀ ਇਕੱਠ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਵਣ ਦਹਿਨ ਦੀ ਆਗਿਆ ਹੈ ਪਰ ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਮਾਗਮ ‘ਚ ਲੋਕਾਂ ਦੀ ਘੱਟ ਤੋਂ ਘੱਟ ਸ਼ਮੂਲੀਅਤ ਹੋਵੇ।ਇਸ ਮੌਕੇ ਦੁਸਹਿਰਾ ਕਮੇਟੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਕਾਰਜਾਂ ਨੂੰ ਛੋਟਾ ਰੱਖਣਗੇ ਅਤੇ ਸਰਕਾਰ ਵੱਲੋਂ ਜਾਰੀ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਗੇ।